ਨਵੀਂ ਦਿੱਲੀ01,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ) : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਪਾਰਟੀ ਦਾ ਇੱਕ ਵਰਗ ਅਜਿਹਾ ਵੀ ਹੈ, ਜੋ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕੀਤੇ ਜਾਣ ਦੇ ਸਖ਼ਤ ਹੈ। ਸੋਮਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦੇ ਘਰ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਚਿੰਤਾ ਪ੍ਰਗਟ ਕੀਤੀ ਗਈ।
ਹਾਸਲ ਜਾਣਕਾਰੀ ਮੁਤਾਬਕ ਜਨਮ ਅਸ਼ਟਮੀ ਦੇ ਦਿਨ ਕਪਿਲ ਸਿੱਬਲ ਦੇ ਘਰ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਜੀ-23 ਸਮੂਹ ਦੇ ਨੇਤਾ ਸ਼ਾਮਲ ਹੋਏ। ਇਨ੍ਹਾਂ ਵਿੱਚੋਂ ਬਹੁਤੇ ਨੇਤਾ ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦੇ ਪੱਖ ਵਿੱਚ ਨਹੀਂ। ਹੋ ਸਕਦਾ ਹੈ ਕਿ ਇਹ ਸਾਰੇ ਨੇਤਾ ਪ੍ਰਸ਼ਾਂਤ ਕਿਸ਼ੋਰ ਦਾ ਖੁੱਲ੍ਹ ਕੇ ਵਿਰੋਧ ਕਰਨ। ਇਸ ਸਮੂਹ ਦੇ ਨੇਤਾ ਚੋਣ ਨਾਲ ਸਬੰਧਤ ਮਹੱਤਵਪੂਰਨ ਫੈਸਲੇ ਲੈਣ ਲਈ ‘ਆਊਟਸੋਰਸਿੰਗ’ ਤੋਂ ਨਿਰਾਸ਼ ਹਨ। ਹਾਲਾਂਕਿ ਕੁਝ ਨੇਤਾ ਪ੍ਰਸ਼ਾਂਤ ਕਿਸ਼ੋਰ ਦੇ ਸਮਰਥਨ ਵਿੱਚ ਵੀ ਨਜ਼ਰ ਆਏ।
ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਕੁਝ ਨੇਤਾਵਾਂ ਨੇ ਇਹ ਕਹਿ ਕੇ ਵਿਰੋਧ ਕੀਤਾ ਕਿ ਕਾਂਗਰਸ 135 ਸਾਲ ਪੁਰਾਣੀ ਸੰਸਥਾ ਹੈ ਨਾ ਕਿ ਇੱਕ ਸਟਾਰਟ-ਅਪ ਹੈ ਜਿੱਥੇ ਕੋਈ ਵਿਅਕਤੀ ਫੈਂਸੀ ਵਿਚਾਰਾਂ ਨਾਲ ਆਉਂਦਾ ਹੈ ਤੇ ਇਸ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੇ ਕਿਸੇ ਵੀ ਪ੍ਰਸਤਾਵ ‘ਤੇ ਕਾਂਗਰਸ ਵਰਕਿੰਗ ਗਰੁੱਪ ਦੀ ਬੈਠਕ ਵਿੱਚ ਚਰਚਾ ਹੋਣੀ ਚਾਹੀਦੀ ਹੈ।
ਸੂਤਰਾਂ ਦੀ ਮੰਨੀਏ ਤਾਂ ਸੋਮਵਾਰ ਨੂੰ ਜੀ-23 ਦੀ ਮੀਟਿੰਗ ਵਿੱਚ ਕਪਿਲ ਸਿੱਬਲ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ, ਸ਼ਸ਼ੀ ਥਰੂਰ, ਮਨੀਸ਼ ਤਿਵਾੜੀ, ਭੁਪਿੰਦਰ ਸਿੰਘ ਹੁੱਡਾ ਸਮੇਤ ਕਈ ਨੇਤਾ ਮੌਜੂਦ ਰਹੇ। ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਕਾਂਗਰਸੀ ਨੇਤਾਵਾਂ ਏਕੇ ਐਂਟਨੀ ਤੇ ਅੰਬਿਕਾ ਸੋਨੀ ਨੂੰ ਪ੍ਰਸ਼ਾਂਤ ਕਿਸ਼ੋਰ ‘ਤੇ ਪਾਰਟੀ ਨੇਤਾਵਾਂ ਦੇ ਵਿਚਾਰਾਂ ਦੇ ਆਧਾਰ ‘ਤੇ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ।