12,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਪਰ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪਾਰਟੀ ਅੰਦਰ ਲਗਾਤਾਰ ਜਾਰੀ ਬਿਆਨਬਾਜ਼ੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਪਾਰਟੀ ਦੁਬਾਰਾ ਸੱਤਾ ‘ਚ ਆਉਂਦੀ ਹੈ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰ ਸੀਐੱਮ ਦਾ ਅਹੁਦਾ ਮਿਲੇਗਾ। ਪੰਜਾਬ ਚੋਣਾਂ ‘ਚ ਸੱਤਾ ‘ਚ ਆਉਣ ‘ਤੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਕੀ ਅਹੁਦਾ ਦੇਵੇਗੀ? ਇਸ ਬਾਰੇ ਪੁੱਛੇ ਜਾਣ ‘ਤੇ ਬਿੱਟੂ ਨੇ ਮੀਡੀਆ ਨੂੰ ਕਿਹਾ ਕਿ ਸਿੱਧੂ ਨੂੰ ਸੁਪਰ ਸੀ.ਐਮ. ਦਾ ਅਹੁਦਾ ਦਿੱਤਾ ਜਾਵੇਗਾ।ਬਿੱਟੂ ਨੇ ਇਹ ਵੀ ਕਿਹਾ ਕਿ ਸਿੱਧੂ ਨੇ ਆਉਣ ਵਾਲੀਆਂ ਚੋਣਾਂ ਲਈ ਮੌਜੂਦਾ ਮੁੱਖ ਮੰਤਰੀ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੀ ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਫੈਸਲੇ ‘ਤੇ ਕੋਈ ਸਵਾਲ ਉਠਾਇਆ ਹੈ? ਉਨ੍ਹਾਂ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਆਮ ਆਦਮੀ ਮੁੱਖ ਮੰਤਰੀ ਚੰਨੀ ਦੀ ਜਿੱਤ ਲਈ ਅਰਦਾਸਾਂ ਕਰ ਰਿਹਾ ਹੈ।
ਬਿੱਟੂ ਨੇ ਕਿਹਾ ਕਿ ਪੰਜਾਬ ਦਾ ਹਰ ਗਰੀਬ ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਚੰਨੀ ਦੀ ਜਿੱਤ ਲਈ ਅਰਦਾਸ ਕਰ ਰਿਹਾ ਹੈ। ਗਰੀਬ ਕਹਿ ਰਹੇ ਹਨ ਕਿ ਜੇਕਰ ਚਰਨਜੀਤ ਸਿੰਘ ਚੰਨੀ ਸੱਤਾ ਵਿੱਚ ਵਾਪਸ ਆ ਜਾਂਦੇ ਹਨ ਤਾਂ ਹੀ ਸਾਡੇ ਬੱਚੇ ਪੜ੍ਹ ਸਕਦੇ ਹਨ ਅਤੇ ਕਿਸੇ ਦਿਨ ਮੁੱਖ ਮੰਤਰੀ ਬਣਨ ਦੇ ਸੁਪਨੇ ਲੈ ਸਕਦੇ ਹਨ। ਭਾਜਪਾ ਅਤੇ ਆਮ ਆਦਮੀ ਪਾਰਟੀ ਇਸ ਤੋਂ ਡਰੀ ਹੋਈ ਹੈ।
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਦੌਰੇ ਲਈ ਹੈਲੀਕਾਪਟਰ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਸੜਕੀ ਰਸਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰਵਨੀਤ ਸਿੰਘ ਬਿੱਟੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੈਲੀਕਾਪਟਰ ਜਾਂ ਹਵਾਈ ਜਹਾਜ਼ ਰਾਹੀਂ ਪੰਜਾਬ ਦਾ ਦੌਰਾ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਉਹ ਰਾਜ ਵਿੱਚ ਸੜਕ ਰਾਹੀਂ ਯਾਤਰਾ ਦੀ ਚੋਣ ਕਰਦੇ ਹਨ ਤਾਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਉਸ ਨੇ (ਮੋਦੀ) 1 ਸਾਲ ਤੋਂ ਵੱਧ ਸਮੇਂ ਤੱਕ ਪੰਜਾਬੀਆਂ ਨੂੰ ਸੜਕਾਂ ‘ਤੇ ਰੱਖਿਆ। 750 ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ। ਲੋਕ ਇਸ ਨੂੰ ਕਿਵੇਂ ਭੁੱਲਣਗੇ? ਇਸ ਲਈ ਏਅਰਵੇਅ ਰਾਹੀਂ ਆਉਣਾ ਬਿਹਤਰ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਪੰਜਾਬ ਵਿਚ 3 ਦਿਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨੇ ਉਹ ਪੰਜਾਬ ਵਿਚ ਫਿਰੋਜ਼ਪੁਰ ਰੈਲੀ ਕਰਨ ਆਏ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਆਪਣਾ ਦੌਰਾ ਵਿਚਾਲੇ ਛੱਡ ਕੇ ਵਾਪਸ ਪਰਤਣਾ ਪਿਆ ਸੀ।