ਚੰਡੀਗੜ੍ਹ 23,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਹਾਈਕਾਮ ਨੇ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਡੈੱਡਲਾਈਨ ਦਿੱਤੀ ਹੈ। ਹਾਈਕਮਾਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਤੈਅ ਸਮੇਂ ਅੰਦਰ ਪੂਰੇ ਕਰਨੇ ਹੀ ਹੋਣਗੇ। ਇਹ ਵੀ ਚਰਚਾ ਹੈ ਕਿ ਹਾਈਕਮਾਨ ਦੀ ਸਖਤੀ ਤੋਂ ਕੈਪਟਨ ਕਾਫੀ ਖਫਾ ਹਨ। ਉਹ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨੂੰ ਨਾਲ ਮੁਲਾਕਾਤ ਕੀਤੇ ਬਗੈਰ ਹੀ ਪੰਜਾਬ ਪਰਤ ਆਏ ਹਨ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੇਅਦਬੀ ਤੇ ਨਸ਼ੇ ਦੇ ਮੁੱਦੇ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਦਾ ਵੀ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਦਿੱਲੀ ਬੁਲਾਇਆ ਜਾਵੇਗਾ। ਇਸ ਦੇ ਨਾਲ ਹੀ ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਡੈੱਡਲਾਈਨ ਦਿੱਤੀ ਹੈ।
ਦੱਸ ਦਈਏ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੇਤਾਵਾਂ ਦਰਮਿਆਨ ਝਗੜਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੀ ਕੇਂਦਰੀ ਕਮੇਟੀ ਦੇ ਸਾਹਮਣੇ ਆਪਣੀ ਗੱਲ ਰੱਖਣ ਤੋਂ ਬਾਅਦ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਾਪਸ ਪਰਤ ਆਏ। ਉਨ੍ਹਾਂ ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨੂੰ ਨਾਲ ਮੁਲਾਕਾਤ ਨਹੀਂ ਕੀਤੀ।
ਇਸ ਦੌਰਾਨ ਨਾਰਾਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਿਲੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਦਿੱਲੀ ਵਿੱਚ ਮਿਲੇ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਮੈਂ ਜ਼ਮੀਨੀ ਹਕੀਕਤ, ਮੌਜੂਦਾ ਰਾਜਨੀਤਕ ਸਥਿਤੀ ਤੇ ਹਾਈ ਕਮਾਂਡ ਨਾਲ ਪਾਰਟੀ ਦੀਆਂ ਉਮੀਦਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਹਾਈ ਕਮਾਨ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ‘ਤੇ ਫੈਸਲਾ ਲਵੇਗੀ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਵਿਵਾਦ ਨੂੰ ਠੱਲ੍ਹ ਪਾਉਣ ਲਈ ਚੋਟੀ ਦੀ ਲੀਡਰਸ਼ਿਪ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਇੱਕ ਵਾਰ ਫਿਰ ਮਲਿਕਅਰਜੁਨ ਖੜਗੇ ਕਮੇਟੀ ਦੇ ਸਾਹਮਣੇ ਪੇਸ਼ ਹੋਏ। ਇੱਕ ਮਹੀਨੇ ਦੇ ਅੰਦਰ ਕੈਪਟਨ ਦੀ ਇਹ ਦੂਜੀ ਪੇਸ਼ੀ ਸੀ।