
ਚੰਡੀਗੜ੍ਹ 30,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ‘ਚ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਾਝਾ ਖੇਤਰ ਦੇ ਦਿੱਗਜ ਆਗੂ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ।
ਹਾਲਾਂਕਿ ਚਰਚਾ ਹੈ ਕਿ ਲਾਲੀ ਮਜੀਠੀਆ ਨੇ ਇਹ ਕਦਮ ਕਾਂਗਰਸ ‘ਚ ਚੱਲ ਰਹੇ ਸੱਤਾ ਸੰਘਰਸ਼ ਦੇ ਮੱਦੇਨਜ਼ਰ ਚੁੱਕਿਆ ਹੈ। ਹੁਣ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਗੱਲਬਾਤ ‘ਚ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਤੇ ਚੋਣ ਲੜਨ ਦੀ ਗੱਲ ਨਹੀਂ ਕੀਤੀ। ਲਾਲੀ ਮਜੀਠੀਆ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ। ਇਸ ਕਾਰਨ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ।

ਪੰਜਾਬ ‘ਚ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਪੁੱਛੇ ਜਾਣ ‘ਤੇ ਲਾਲੀ ਮਜੀਠੀਆ ਨੇ ਕਿਹਾ ਕਿ ਚੋਣਾਂ ਦਾ ਸਮਾਂ ਆਉਣ ‘ਤੇ ਦੇਖਿਆ ਜਾਵੇਗਾ। ਲਾਲੀ ਮਜੀਠੀਆ ਮਾਝੇ ਦੇ ਸੀਨੀਅਰ ਕਾਂਗਰਸੀ ਆਗੂ ਮੰਨੇ ਜਾਂਦੇ ਹਨ। ਉਹ ਮਜੀਠਾ ਹਲਕੇ ਤੋਂ ਅਕਾਲੀ ਆਗੂ ਬਿਕਰਮ ਮਜੀਠੀਆ ਵਿਰੁੱਧ ਵੀ ਚੋਣ ਲੜ ਚੁੱਕੇ ਹਨ। ਹਾਲਾਂਕਿ ਮਾਝਾ ਖੇਤਰ ‘ਚ ਇਸ ਵੇਲੇ ਕਾਂਗਰਸ ਦੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਤੇ ਸੁੱਖ ਸਰਕਾਰੀਆ ਦਾ ਦਬਦਬਾ ਹੈ।
ਪੰਜਾਬ ‘ਚ ਕਾਂਗਰਸ ਦੀ ਹਾਲਤ ਦਿਨੋਂ-ਦਿਨ ਚੁਣੌਤੀਪੂਰਨ ਹੁੰਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਤੇ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸੋਢੀ, ਕਾਦੀਆਂ ਤੋਂ ਵਿਧਾਇਕ ਫਤਿਹਜੰਗ ਬਾਜਵਾ ਤੇ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਕਾਂਗਰਸ ਛੱਡ ਚੁੱਕੇ ਹਨ। ਇਹ ਤਿੰਨੋਂ ਆਗੂ ਭਾਜਪਾ ‘ਚ ਸ਼ਾਮਲ ਹੋ ਗਏ ਹਨ।
