21,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): :ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਅੱਜ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਹਨ। ਇਸ ਵੇਲੇ ਉਹ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਹਨ। ਉਹ ਕੈਪਟਨ ਦੇ ਕਾਰਜਕਾਲ ਵਿੱਚ ਕੈਬਨਿਟ ਮੰਤਰੀ ਸਨ। ਇਹ ਲੱਗ ਰਿਹਾ ਸੀ ਕਿ ਉਹ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ ਪਰ ਹੁਣ ਹੈਰਾਨ ਕਰ ਦੇਣ ਵਾਲੀ ਖਬਰ ਆਈ ਹੈ।
ਸੂਤਰਾਂ ਦੀ ਮੰਨੀਏ ਤਾਂ ਪੰਜਾਬ ਦੇ ਕਈ ਸੰਸਦ ਮੈਂਬਰਾਂ, ਕੈਬਨਿਟ ਮੰਤਰੀਆਂ, ਵਿਧਾਇਕਾਂ ਸਮੇਤ ਕਈ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਭਾਜਪਾ ਦੇ ਸੰਪਰਕ ‘ਚ ਹਨ। ਖ਼ਬਰਾਂ ਹਨ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਨੈਸ਼ਨਲ ਸੋਸ਼ਲਿਸਟ ਕਾਂਗਰਸ ਦੇ ਲੋਕ ਸ਼ਾਮਲ ਹਨ।
ਸੂਤਰਾਂ ਮੁਤਾਬਕ ਅਜਿਹੇ ਚਾਰ ਪੰਜਾਬੀ ਗਾਇਕ ਵੀ ਹਨ ਜੋ ਅਗਲੇ ਹਫ਼ਤੇ ਭਾਜਪਾ ਨਾਲ ਹੱਥ ਮਿਲ ਸਕਦੇ ਹਨ। ਇਸ ਬਦਲਾਅ ਦੀ ਜੜ੍ਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਤੇ ਕਾਂਗਰਸ ਤੋਂ ਬਾਹਰ ਹੋਣਾ ਮੰਨਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ, ਜਿਸ ਤੋਂ ਬਾਅਦ ਭਾਜਪਾ ਨੇ ਕੈਪਟਨ ਅਮਰਿੰਦਰ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜਨ ਦਾ ਐਲਾਨ ਕੀਤਾ ਸੀ।
ਦੱਸ ਦੇਈਏ ਕਿ ਪੰਜਾਬ ਦੀਆਂ 117 ਸੀਟਾਂ ‘ਚੋਂ ਭਾਜਪਾ 80-85 ਸੀਟਾਂ ‘ਤੇ ਚੋਣ ਲੜ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 20 ਤੋਂ 25 ਸੀਟਾਂ ‘ਤੇ ਚੋਣ ਲੜ ਸਕਦੀ ਹੈ, ਜਿਸ ‘ਚ ਕੁਝ ਸੀਟਾਂ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਜਾਂਦੀਆਂ ਹਨ। ਜਲਦੀ ਹੀ ਪੂਰੇ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।