
03,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ‘ਚ ਅਜੇ 7 ਦਿਨ ਬਾਕੀ ਹਨ ਪਰ ਕਾਂਗਰਸ ਪਾਰਟੀ (Congress) ਨੇ ਫੁੱਟ ਤੋਂ ਬਚਣ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਿਛਲੀਆਂ ਕਈ ਚੋਣਾਂ ਤੋਂ ਸਬਕ ਲੈਂਦਿਆਂ ਕਾਂਗਰਸ ਪਾਰਟੀ ਆਪਣੇ ਵਿਧਾਇਕਾਂ ਨੂੰ ਸੁਰੱਖਿਅਤ ਥਾਂ ‘ਤੇ ਲਿਜਾਣ ਦੇ ਪ੍ਰਬੰਧ ਕਰ ਰਹੀ ਹੈ। ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਆਪਣੇ ਵਿਧਾਇਕਾਂ ਨੂੰ ਛੱਤੀਸਗੜ੍ਹ (Chhattisgarh) ਦੇ ਚਿੱਤਰਕੋਟ ਜਾਂ ਜਗਦਲਪੁਰ ਵਿੱਚ ਸਿਫਟ ਕਰ ਸਕਦੀ ਹੈ।
ਛੱਤੀਸਗੜ੍ਹ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੈ। ਕਾਂਗਰਸ ਪਾਰਟੀ ਵੱਲੋਂ ਚਿੱਤਰਕੋਟ ਅਤੇ ਜਗਦਲਪੁਰ ਵਿੱਚ ਦੋ ਰਿਜ਼ੋਰਟ ਬੁੱਕ ਕੀਤੇ ਗਏ ਹਨ। ਹਾਈਕਮਾਂਡ ਨੇ ਇਸ ਪੂਰੇ ਮਾਮਲੇ ‘ਤੇ ਸਿੱਧੀ ਨਜ਼ਰ ਰੱਖੀ ਹੋਈ ਹੈ। ਕਾਂਗਰਸ ਪਾਰਟੀ ਨੂੰ ਹੁਣ ਤੋਂ ਹੀ ਆਪਣੇ ਵਿਧਾਇਕਾਂ ਦੀ ਫੁੱਟ ਦਾ ਡਰ ਸਤਾ ਰਿਹਾ ਹੈ।
2017 ਵਿੱਚ ਕਾਂਗਰਸ ਪਾਰਟੀ ਗੋਆ ਵਿੱਚ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਸਰਕਾਰ ਬਣਾਉਣ ਵਿੱਚ ਅਸਮਰੱਥ ਰਹੀ ਸੀ। ਇਸ ਤੋਂ ਇਲਾਵਾ ਵਿਧਾਇਕਾਂ ਦੀ ਫੁੱਟ ਕਾਰਨ ਕਾਂਗਰਸ ਪਾਰਟੀ ਨੂੰ ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਸਰਕਾਰ ਗੁਆਉਣੀ ਪਈ ਸੀ। ਇਸ ਲਈ 2022 ਦੀਆਂ ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਹੀ ਸਾਵਧਾਨੀ ਵਰਤੀ ਜਾ ਰਹੀ ਹੈ।
ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਕਾਂਗਰਸ
ਕਾਂਗਰਸ ਪਾਰਟੀ ਦਾ ਸਭ ਤੋਂ ਵੱਡਾ ਖੌਫ਼ ਇਸ ਦੇ ਆਗੂਆਂ ਦਾ ਅੰਦਰੂਨੀ ਕਲੇਸ਼ ਹੈ। ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਸੀ ਪਰ ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਇਸ ਫੈਸਲੇ ਤੋਂ ਬਹੁਤੇ ਖੁਸ਼ ਨਜ਼ਰ ਨਹੀਂ ਆਏ
ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਵੱਲੋਂ ਕਾਂਗਰਸ ਪਾਰਟੀ ਦੇ ਇਸ ਫੈਸਲੇ ‘ਤੇ ਸਵਾਲ ਉਠਾਏ ਗਏ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਇੱਕ ਅਹਿਮ ਮੀਟਿੰਗ ਵੀ ਕੀਤੀ ਗਈ ਸੀ। ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਹੋਈ ਇਸ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਤੇ ਸੁਨੀਲ ਜਾਖੜ ਵਰਗੇ ਦਿੱਗਜ ਆਗੂਆਂ ਨੇ ਸ਼ਮੂਲੀਅਤ ਨਹੀਂ ਕੀਤੀ।
