(ਸਾਰਾ ਯਹਾਂ/ਬਿਊਰੋ ਨਿਊਜ਼ ) : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੋਂ ਇਲਾਵਾ ਕਈ ਵਿਧਾਇਕ ਵੀ ਹਾਜ਼ਰ ਸਨ। ਇਸ ਮੌਕੇ ਸੁਸ਼ੀਲ ਰਿੰਕੂ ਨੇ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ ,ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਜਲੰਧਰ ਤੋਂ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਉਮੀਦਵਾਰ ਬਣਾਏ ਜਾਣ ਦੇ ਪੁੱਛੇ ਸਵਾਲ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਮੀਦਵਾਰ ਸਬੰਧੀ ਪਾਰਟੀ ਨੇ ਤੈਅ ਕਰਨਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿੱਚ ਕੱਢ ਦਿੱਤਾ ਗਿਆ ਸੀ। ਇਸ ਸਬੰਧੀ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਚੱਲ੍ਹ ਰਹੀ ਸੀ।