ਚੰਡੀਗੜ੍ਹ 29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਕਾਂਗਰਸ ਹਾਈਕਮਾਂਡ (Congress Party) ਵੱਲੋਂ ਪੱਤਰ ਜਾਰੀ ਕਰਦਿਆਂ ਪੰਜਾਬ ਕਾਂਗਰਸ (Punjab Congress) ਵਿੱਚ ਨਵੀਆਂ ਨਿਯੁਕਤੀਆਂ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ‘ਚ ਖਜਾਨਚੀ ਅਤੇ ਜਨਰਲ ਸੈਕਟਰੀ ਅਤੇ ਪੰਜ ਮੀਤ ਪ੍ਰਧਾਨਾਂ ਦੀ ਵੀ ਨਿਯੁਕਤੀ ਹੋਈ ਹੈ। ਅਮਿਤ ਵਿਜ ਨੂੰ ਖਜਾਨਚੀ ,ਕੈਪਟਨ ਸੰਦੀਪ ਸੰਧੂ ਨੂੰ ਜਨਰਲ ਸੈਕਟਰੀ ਅਤੇ ਅਰੁਣਾ ਚੌਧਰੀ ,ਇੰਦਰਬੀਰ ਸਿੰਘ ਬੋਲਾਰੀਆ , ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ , ਪਰਗਟ ਸਿੰਘ , ਸੁੰਦਰ ਸ਼ਾਮ ਅਰੋੜਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਤੇ ਰਾਜਾ ਵੜਿੰਗ ਨੇ ਸੂਬਾ ਪ੍ਰਧਾਨਗੀ ਦੀ ਕਮਾਨ ਸਾਂਭ ਲਈ ਹੈ। ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਲਗਾਇਆ ਗਿਆ ਹੈ। ਪੰਜਾਬ ‘ਚ ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਪੰਜਾਬ ਵਿਚ ਕਰਾਰੀ ਹਾਰ ਹੋਈ ਹੈ। ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਲੈ ਲਿਆ ਸੀ। ਪੰਜਾਬ ’ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ। ਪੰਜਾਬ ਕਾਂਗਰਸ ਦਾ ਪ੍ਰਧਾਨ ਹੋਣ ਦੇ ਨਾਤੇ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਤੋਂ ਇਨਕਾਰ ਕਰ ਦਿੱਤਾ ਸੀ। ਸਿੱਧੂ ਦਾ ਤਰਕ ਸੀ ਕਿ ਇਹ ਚੋਣਾਂ ਉਨ੍ਹਾਂ ਦੀ ਨਹੀਂ ਸਗੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਲੜੀਆਂ ਗਈਆਂ ਸਨ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪੰਜਾਬ ਚੋਣਾਂ ਵਿੱਚ ਮਿਲੀ ਕਰਾਰੀ ਹਾਰ
ਲਈ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੋਣਾਂ ਤੋਂ ਪਹਿਲਾਂ ਦੇ ਦਿਨਾਂ ਵਿੱਚ ਸਿੱਧੂ ਨੇ ਵੀ ਪੰਜਾਬ ਵਿੱਚ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣ ਦਾ ਦਾਅਵਾ ਕੀਤਾ ਸੀ, ਜਿਸ ਤੋਂ ਤੁਰੰਤ ਬਾਅਦ ਚਰਨਜੀਤ ਸਿੰਘ ਚੰਨੀ ਨੇ ਅਮਰਿੰਦਰ ਸਿੰਘ ਦੀ ਥਾਂ ਲੈ ਲਈ ਸੀ। ਸੂਬੇ ਦੇ ਕਈ ਕਾਂਗਰਸੀ ਆਗੂ ਕਹਿ ਰਹੇ ਹਨ ਕਿ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਸਿੱਧੂ ਦੀਆਂ ਟਿੱਪਣੀਆਂ ਨੇ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।