ਚੰਡੀਗੜ੍ਹ 11,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼): : ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕਮਾਨ ਨੇ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਜਵਾਬ ਤਲਬ ਕੀਤਾ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਅਨੁਸ਼ਾਸਨੀ ਕਮੇਟੀ ਨੇ ਇਹ ਫੈਸਲਾ ਲਿਆ ਹੈ।
ਦੱਸ ਦਈਏ ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੀ ਉਥਲ-ਪੁਥਲ ਦੇ ਮੱਦੇਨਜ਼ਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮੂਡ ਵਿੱਚ ਹੈ। ਪੰਜਾਬ ਦੀ ਲੀਡਰਸ਼ਿਪ ਨਾਲ ਅੱਜ ਦਿੱਲੀ ਵਿੱਚ ਹੋਈ ਰਾਹੁਲ ਗਾਂਧੀ ਨਾਲ ਮੀਟਿੰਗ ਵਿੱਚ ਵੀ ਬਾਗੀ ਸੁਰ ਅਪਣਾਉਣ ਵਾਲੇ ਆਗੂਆਂ ਬਾਰੇ ਵਿਚਾਰ-ਵਟਾਂਦਰਾ ਹੋਇਆ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਹਾਈਕਮਾਂਡ ਨੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਕੇ ਸਖਤ ਸੰਕੇਤ ਦਿੱਤੇ ਹਨ। ਧੀਮਾਨ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ ‘ਤੇ ਟਿੱਪਣੀ ਕੀਤੀ ਸੀ।
ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਬਾਗੀ ਸੁਰਾਂ ਵਾਲੇ ਹੋਰ ਲੀਡਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰ ਸਕਦੀ ਹੈ। ਪਾਰਟੀ ਹਾਈਕਮਾਂਡ ਹੁਣ ਹਰ ਕੀਮਤ ‘ਤੇ ਪਾਰਟੀ ਅੰਦਰ ਅਨੁਸ਼ਾਸਨ ਕਾਇਮ ਰੱਖਣਾ ਚਾਹੁੰਦੀ ਹੈ ਤੇ ਇਸ ਲਈ ਉਹ ਕੋਈ ਵੀ ਸਖ਼ਤ ਕਦਮ ਚੁੱਕ ਸਕਦੀ ਹੈ।
ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਕਾਂਗਰਸ ਹਾਈਕਮਾਨ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਪੰਜਾਬ ਅੰਦਰ ਲੀਡਰਸ਼ਿਪ ਬਦਲਣ ਮਗਰੋਂ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਕਮਾਂਡਰਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਬੇਸ਼ੱਕ ਮੀਟਿੰਗ ਬਾਰੇ ਬਹੁਤੇ ਵੇਰਵੇ ਸਾਹਮਣੇ ਨਹੀਂ ਆਏ, ਪਰ ਇਸ ਦੌਰਾਨ ਪੰਜਾਬ ਦੇ ਜਥੇਬੰਦਕ ਢਾਂਚੇ ਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਹੋਈ ਹੈ।
ਸੂਤਰਾਂ ਮੁਤਾਬਕ ਜਲਦ ਹੀ ਪੰਜਾਬ ਦੇ ਜਥੇਬੰਦਕ ਢਾਂਚੇ ‘ਚ ਹੇਠਲੇ ਪੱਧਰ ‘ਤੇ ਕਾਰਜਕਾਰਨੀ ‘ਚ ਬਦਲਾਅ ਹਾ ਸਕਦਾ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਹਾਜ਼ਰ ਰਹੇ।