*ਕਿਤਾਬਾਂ ਮਨੁੱਖ ਨੂੰ ਕਾਮਯਾਬੀ ਦਾ ਰਾਹ ਦਿਖਾਉਣ ਤੇ ਜੀਵਨ ਜਾਂਚ ਸਿਖਾਉਣ ਦਾ ਉੱਤਮ ਸਾਧਨ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ*

0
22

ਸਰਦੂਲਗੜ੍ਹ/ਮਾਨਸਾ, 19 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਕਿਤਾਬਾਂ ਮਨੁੱਖ ਨੂੰ ਕਾਮਯਾਬੀ ਦਾ ਰਾਹ ਦਿਖਾਉਣ ਤੇ ਉਨ੍ਹਾਂ ਨੂੰ ਜੀਵਨ ਜਾਂਚ ਸਿਖਾਉਣ ਦਾ ਉੱਤਮ ਸਾਧਨ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਕਰੰਡੀ ਵਿਖੇ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੀ ਵਿਸ਼ੇਸ ਤੌਰ ’ਤੇ ਮੌਜੂਦ ਸਨ। ਇਸ ਮੌਕੇ ਉਨ੍ਹਾਂ ਵੱਲੋਂ ਲਾਇਬ੍ਰੇਰੀ ਦਾ ਨਿਰੀਖਣ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਉਪਯੋਗ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ।
ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ  ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਤਾਬਾਂ ਦਾ ਮਨੁੱਖ ਦੀ ਜ਼ਿੰਦਗੀ ਵਿਚ ਬਹੁਤ ਮਹੱਤਵ ਹੁੰਦਾ ਹੈ। ਕਿਤਾਬਾਂ ਮਨੁੱਖ ਨੂੰ ਗਿਆਨ ਨਾਲ ਜੋੜਦੀਆਂ ਹਨ। ਅੱਜ ਦੀ ਨੌਜਵਾਨ ਪੀੜ੍ਹੀ ਦਾ ਕਿਤਾਬਾਂ ਨਾਲ ਜੁੜਨਾ ਅਤਿ ਜ਼ਰੂਰੀ ਹੈ ਤਾਂ ਜੋ ਉਹ ਸਾਡੇ ਇਤਿਹਾਸ ਤੋਂ ਜਾਣੂ ਅਤੇ ਸਾਹਿਤ ਨਾਲ ਜੁੜ ਸਕਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਸਕੂਲੀ ਪੜ੍ਹਾਈ ਦੇ ਨਾਲ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਇੱਥੇ ਤਿਆਰੀ ਕਰਕੇ ਉੱਚ ਅਹੁਦਿਆਂ ’ਤੇ ਪਹੁੰਚ ਕੇ ਆਪਣੇ ਮਾਪਿਆਂ, ਜ਼ਿਲ੍ਹੇ ਅਤੇ ਸੂਬੇ ਦਾ ਨਾਮ ਚਮਕਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਅਤਿ ਆਧੁਨਿਕ ਸਹੂਲਤ ਵਾਲੀਆਂ ਲਾਇਬ੍ਰੇਰੀਆਂ ਗਿਆਨ ਪ੍ਰਾਪਤੀ ਲਈ ਮਿਲੀਆਂ ਹਨ।
ਲਾਇਬ੍ਰੇਰੀ ਵਿਚ ਮੌਜੂਦ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਬਣਾਈ 100 ਬੱਚਿਆਂ ਦੀ ਸਮਰੱਥਾ ਵਾਲੀ ਇਸ ਲਾਇਬ੍ਰੇਰੀ ਵਿਚ ਜਿੱਥੇ ਪੰਜਾਬੀ, ਹਿੰਦੀ ਅਤੇ ਅੰਗਰੇਜੀ ਭਾਸ਼ਾ ਦੀਆਂ ਕਿਤਾਬਾਂ ਅਤੇ ਸਾਹਿਤ ਮੁਹੱਈਆ ਕਰਵਾਇਆ ਗਿਆ ਹੈ ਉੱਥੇ ਹੀ ਕੰਪਿਊਟਰਜ਼ ਅਤੇ ਇੰਟਰਨੈਟ ਦੀ ਸੁਵਿਧਾ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ 4-ਕੇ ਕੁਆਲਿਟੀ ਵਾਲਾ ਪ੍ਰੋਜੈਕਟਰ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਖੁੱਲ੍ਹਾ ਹਾਲ ਅਤੇ ਬੱਚਿਆਂ ਦੇ ਬੈਠਣ ਲਈ ਸੁਖਾਵਾਂ ਮਾਹੌਲ ਵੀ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਅੰਦਰ ਚੈੱਸ ਬੋਰਡ ਵੀ ਮੁਹੱਈਆ ਕਰਵਾਏ ਗਏ ਹਨ, ਜਿਸ ਦੇ ਲਈ ਟਰੇਨਰ ਵੀ ਲਗਾਏ ਗਏ ਹਨ ਤਾਂ ਜੋ ਚੈੱਸ ਸਿੱਖਣ ਦੇ ਚਾਹਵਾਨ ਬੱਚੇ ਇਹ ਸਹੂਲਤ ਲੈ ਸਕਣ।
ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰੀ ਨਿਤੇਸ਼ ਕੁਮਾਰ ਜੈਨ ਤੋਂ ਇਲਾਵਾ ਪਿੰਡ ਦੇ ਪਤਵੰਤੇ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here