
ਮਾਨਸਾ, 30 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1973) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਇਹ ਹੁਕਮ 1 ਅਗਸਤ ਤੋਂ 30 ਸਤੰਬਰ 2020 ਤੱਕ ਲਾਗੂ ਰਹੇਗਾ।
