*:ਕਿਸਾਨਾਂ ਦੀ ਕਚਹਿਰੀ ‘ਚ ਪੰਜਾਬ ਦੇ ਵੱਡੇ ਲੀਡਰ ਪੇਸ਼, ਮੀਟਿੰਗ ਦਾ ਦੌਰ ਸ਼ੁਰੂ*

0
39

ਚੰਡੀਗੜ੍ਹ 10,ਸਤੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ): ਕਿਸਾਨਾਂ ਦੀ ਕਚਹਿਰੀ ਵਿੱਚ ਸਿਆਸੀ ਲੀਡਰ ਪਹੁੰਚ ਗਏ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਵਿੱਚ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਬਾਰੇ ਸਵਾਲ-ਜਵਾਬ ਕੀਤੇ ਜਾਣਗੇ।

ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਕਾਲੀ ਦਲ ਵੱਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਪਹੁੰਚ ਚੁੱਕੇ ਹਨ। ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਤੇ ਪਰਮਿੰਦਰ ਸਿੰਘ ਢੀਂਡਸਾ ਕਿਸਾਨਾਂ ਦੀ ਮੀਟਿੰਗ ਲਈ ਪਹੁੰਚੇ ਚੁੱਕੇ ਹਨ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਬਾਕੀ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਲਈ ਸਵੇਰੇ ਗਿਆਰਾਂ ਵਜੇ ਚੰਡੀਗੜ੍ਹ ਦਾ ਸਮਾਂ ਦਿੱਤਾ ਗਿਆ ਸੀ। ਇਹ ਮੀਟਿੰਗ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਅਹਿਮ ਹੈ ਕਿਉਂਕਿ ਕਿਸਾਨ ਸਿਆਸੀ ਲੀਡਰਾਂ ਦਾ ਘਿਰਾਓ ਕਰ ਰਹੇ ਹਨ।

ਉਧਰ ਹਰਿਆਣਾ ਸਰਕਾਰ ਤੇ ਪ੍ਰਸ਼ਾਸਨ ’ਤੇ ਦਬਾਅ ਬਣਾਉਣ ਲਈ ਕਿਸਾਨਾਂ ਨੇ 11 ਸਤੰਬਰ ਨੂੰ ਮੁੜ ਮਹਾ ਪੰਚਾਇਤ ਕਰਨ ਦਾ ਫੈਸਲਾ ਲਿਆ ਹੈ। ਮਹਾ ਪੰਚਾਇਤ ’ਚ ਅੰਦੋਲਨ ਦੀ ਅਗਲੀ ਰਣਨੀਤੀ ਬਣਾਈ ਜਾਵੇਗੀ। ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨ ਪ੍ਰਸ਼ਾਸਨ ਨਾਲ ਅਜੇ ਵੀ ਗੱਲਬਾਤ ਲਈ ਤਿਆਰ ਹੈ ਪਰ ਜੇਕਰ ਪ੍ਰਸ਼ਾਸਨ ਨੇ ਐਸਡੀਐਮ ਨੂੰ ਸਸਪੈਂਡ ਨਹੀਂ ਕੀਤਾ ਤਾਂ 11 ਸਤੰਬਰ ਨੂੰ ਇਥੇ ਹੀ ਮਹਾ ਪੰਚਾਇਤ ਕੀਤੀ ਜਾਵੇਗੀ।

NO COMMENTS