ਅੰਮ੍ਰਿਤਸਰ: 11 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ) ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਮਾਮਲੇ ‘ਤੇ ਇੱਕ ਪਾਸੇ ਜਿੱਥੇ ਕਿਸਾਨ ਆਗੂ ਜੇਲ੍ਹਾਂ ਦੇ ਬਾਹਰ ਗ੍ਰਿਫਤਾਰੀਆਂ ਦੇਣ ਲਈ ਪੁੱਜ ਗਏ ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਇਸ ਮੁੱਦੇ ‘ਤੇ ਕਿਸਾਨਾਂ ਦੇ ਹੱਕ ਵਿੱਚ ਨਿਤਰਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਬੇਸ਼ੱਕ ਪਹਿਲਾਂ ਵੀ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਨੂੰ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਨਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਅੱਜ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਸਪੱਸ਼ਟ ਕੀਤਾ ਕਿ ਸੰਸਦ ਦੇ ਆ ਰਹੇ ਲੋਕ ਸਭਾ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਵੱਲੋਂ ਇਸ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਚੁੱਕਿਆ ਜਾਏਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਉੱਪਰ ਇਸ ਬਿੱਲ ਨੂੰ ਨਾ ਪਾਸ ਕੀਤੇ ਜਾਣ ਦਾ ਦਬਾਅ ਬਣਾਇਆ ਜਾਵੇਗਾ। ਅੰਮ੍ਰਿਤਸਰ ਤੋਂ ਅਕਸਰ ਸਰਗਰਮ ਰਹਿੰਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਗੇ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਖੇਤੀ ਭਾਰੀ ਸੰਕਟ ਚੋਂ ਨਿਕਲ ਰਹੀ ਹੈ। ਕੋਰੋਨਾ ਦੀ ਆੜ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਫ਼ੈਸਲੇ ਧੜਾਧੜ ਲਏ ਜਾ ਰਹੇ ਹਨ।
ਗੁਰਜੀਤ ਸਿੰਘ ਔਜਲਾ ਨੇ ਅੱਗੇ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੇ ਸੰਘਰਸ਼ ਵਿੱਚ ਕਾਂਗਰਸ ਪਾਰਟੀ ਕਿਸਾਨਾਂ ਦਾ ਸਾਥ ਦੇਵੇਗੀ। ਔਜਲਾ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਵਿੱਚ ਇਨ੍ਹਾਂ ਆਰਡੀਨੈਂਸਾਂ ਦੇ ਖਿਲਾਫ ਹੀ ਮਤਾ ਪਾ ਦਿੱਤਾ ਹੈ। ਕਿਸਾਨਾਂ ਵੱਲੋਂ ਕਾਂਗਰਸ ਦੀਆਂ ਦੂਜੇ ਸੂਬਿਆਂ ਦੀਆਂ ਸਰਕਾਰਾਂ ਵਿੱਚ ਵੀ ਅਜਿਹੇ ਮਤੇ ਪਾਉਣ ਦੀ ਗੱਲ ‘ਤੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹੈ।
ਇਸ ਦੇ ਨਾਲ ਔਜਲਾ ਨੇ ਅਕਾਲੀ ਦਲ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਪਣੀ ਕੁਰਸੀ ਲਈ ਬਾਦਲ ਪਰਿਵਾਰ ਨੇ ਪੰਜਾਬ ਦੇ ਹਿੱਤਾਂ ਬਲੀ ਦੇ ਦਿੱਤੀ ਜਦੋਂ ਕਿ ਹਰਸਿਮਰਤ ਕੌਰ ਨੂੰ ਪਹਿਲੇ ਦਿਨ ਹੀ ਇਸ ਮਾਮਲੇ ‘ਤੇ ਕਿਸਾਨਾਂ ਦੇ ਹਿੱਤਾਂ ਲਈ ਕੇਂਦਰ ਦੀ ਕੈਬਿਨਟ ਤੋਂ ਅਸਤੀਫ਼ਾ ਦੇਣਾ ਚਾਹੀਦਾ ਸੀ।