*ਕਿਸਾਨਾਂ ਦੇ ਮੁੜ ਬਾਗੀ ਤੇਵਰ! ਪੰਜਾਬ ‘ਚ ਵੱਖ-ਵੱਖ ਥਾਵਾਂ ’ਤੇ ਧਰਨੇ, ਕੇਂਦਰ ਸਰਕਾਰ ਨੂੰ ਚੇਤਾਵਨੀ*

0
113

ਸੰਗਰੂਰ 21,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਅੱਜ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਪੂਰੇ ਪੰਜਾਬ ਵਿੱਚ ਥਾਂ-ਥਾਂ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਦੀ ਅਨਾਜ ਮੰਡੀ ਵਿੱਚ ਧਰਨਾ ਦਿੱਤਾ। ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਸ ਦੌਰਾਨ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾ ਦਾ ਕਹਿਣਾ ਹੈ ਕਿ ਪੰਜਾਬ ਦੀ ਨਵੀਂ ਬਣਨ ਵਾਲੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਆਸਾਂ ਹਨ। ਸਭ ਤੋਂ ਪਹਿਲਾਂ ਉਹ ਮਸਲੇ ਹੱਲ ਹੋਣੇ ਚਾਹੀਦੇ ਹਨ ਜਿਨ੍ਹਾਂ ਦਾ ਪੰਜਾਬ ਸਰਕਾਰ ਦਾ ਕੋਈ ਖਰਚਾ ਨਹੀਂ ਆਵੇਗਾ ਜਿਵੇਂ ਨਸ਼ਾ ਤੇ ਭ੍ਰਿਸ਼ਟਾਚਾਰ ਦਾ ਮੁੱਦਾ।

ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਾਂ ਪਰ ਸਰਕਾਰ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ, ਜਿਸ ਕਾਰਨ ਅਸੀਂ ਪੂਰੇ ਪੰਜਾਬ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ।

ਉਨ੍ਹਾਂ ਪੰਜਾਬ ਸਰਕਾਰ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ‘ਚ ਜਿਹੜੀ ਨਵੀਂ ਸਰਕਾਰ ਬਣੀ, ਉਸ ਤੋਂ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ। ਜਿਨ੍ਹਾਂ ਮੁੱਦਿਆਂ ‘ਤੇ ਚੋਣਾਂ ਲੜੀਆਂ ਗਈਆਂ, ਉਨ੍ਹਾਂ ਸਾਰੇ ਮੁੱਦਿਆਂ ਦਾ ਹੱਲ ਪੰਜਾਬ ਸਰਕਾਰ ਨੂੰ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਕੇਂਦਰ ਸਰਕਾਰ ਵੱਲੋਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਅਸੀਂ ਇਸੇ ਤਰ੍ਹਾਂ ਸੰਘਰਸ਼ ਜਾਰੀ ਰੱਖਾਂਗੇ।

NO COMMENTS