ਕਿਸਾਨਾਂ ਦੇ ਹੱਕ ‘ਚ ਸਰਕਾਰੀ ਮੁਲਾਜ਼ਮ ਵੀ ਡਟੇ, ਕਰਮਚਾਰੀਆਂ ਤੋਂ ਲੈ ਕੇ ਅਫਸਰਾਂ ਤੱਕ ਨੇ ਕੀਤਾ ਵੱਡਾ ਐਲਾਨ

0
23

ਚੰਡੀਗੜ੍ਹ 14,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਸ਼ਾਂਤਮਈ ਚੱਲ ਰਹੇ ਅੰਦੋਲਨ ਨੂੰ ਕੌਮਾਂਤਰੀ ਤੇ ਅੰਤਰਰਾਸ਼ਟਰੀ ਪੱਧਰ ਉੱਤੇ ਵੀ ਵੱਡਾ ਸਮਰਥਨ ਹਾਸਲ ਹੋਇਆ ਹੈ। ਜਿਸ ਤਰ੍ਹਾਂ ਲੋਕ ਆਪ ਮੁਹਾਰੇ ਦਿੱਲੀ ਵੱਲ ਕੂਚ ਕਰ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਇਹ ਅੰਦੋਲਨ ਹੋਰ ਪ੍ਰਚੰਡ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

ਇਸ ਦੌਰਾਨ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ ਤੇ ਪਸ਼ੂ ਪਾਲਣ ਵਿਭਾਗ ਦੇ ਸਮੁੱਚੇ ਦਰਜਾ-ਬ-ਦਰਜਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੰਘਰਸ਼ਮਈ ਕਿਸਾਨਾਂ ਦੇ ਸੰਘਰਸ਼ ਵਿੱਚ ਪੂਰਨ ਤੌਰ ‘ਤੇ ਸਮਰਥਨ ਦਾ ਐਲਾਨ ਕੀਤਾ ਹੈ। ਇਨ੍ਹਾਂ ਅਦਾਰਿਆਂ ਦੇ ਕਰਮਚਾਰੀਆਂ ਦਾ ਕਹਿਣਾ, “ਅਸੀਂ ਕਿਸਾਨਾਂ ਨੂੰ ਤਕਨੀਕੀ ਅਗਵਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨਾਲ ਨੇੜਲਾ ਰਿਸ਼ਤਾ ਹੋਣ ਕਰਕੇ ਉਨ੍ਹਾਂ ਦੇ ਦੁੱਖ-ਸੁੱਖ ਦੇ ਸਾਥੀ ਵੀ ਹਾਂ।”

ਅੱਜ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਕਾਲ ਦਾ ਸਮਰਥਨ ਕਰਦੇ ਹੋਏ ਜ਼ਿਲ੍ਹਾ ਹੈੱਡ-ਕੁਆਰਟਰਾਂ ‘ਤੇ ਖੇਤੀਬਾੜੀ ਨਾਲ ਜੁੜੇ ਵਿਭਾਗਾਂ ਦੀਆਂ ਸਮੂਹ ਜਥੇਬੰਦੀਆਂ ਨੇ ਸਾਂਝੇ ਤੌਰ ‘ਤੇ ਰੋਸ ਧਰਨਾ ਦਿੰਦਿਆਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਐਲਾਨ ਕੀਤਾ ਕਿ ਆਉਂਦੇ ਦਿਨਾਂ ਵਿੱਚ ਉਹ ਕਾਫ਼ਲਿਆਂ ਦੇ ਰੂਪ ਵਿੱਚ ਲਗਾਤਾਰ ਜ਼ਿਲ੍ਹਾ ਵਾਰ ਬੱਸਾਂ ਲੈ ਕੇ ਦਿੱਲੀ ਜਾਣਗੇ ਤੇ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਤਨੋਂ ਮਨੋਂ ਧਨੋਂ ਪੂਰਾ ਸਹਿਯੋਗ ਦੇਣਗੇ।

ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮੌਜੂਦਾ ਸਮੇਂ ਵਿੱਚ ਕਿਸਾਨਾਂ ਦੀ ਬਾਂਹ ਫੜੀ ਜਾਵੇ ਅਤੇ ਇਹਨਾਂ ਵਿਵਾਦਪੂਰਨ ਕਾਨੂੰਨਾਂ ਨੂੰ ਰੱਦ ਕਰਕੇ ਅੰਨਦਾਤੇ ਵਿੱਚ ਪਾਈ ਜਾ ਰਹੀ ਨਿਰਾਸ਼ਾ ਨੂੰ ਦੂਰ ਕੀਤਾ ਜਾਵੇ।

NO COMMENTS