
ਮਾਨਸਾ, 22 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. (ਡਾਈ ਅਮੋਨੀਅਮ ਫਾਸਫੇਟ) ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 1 ਲੱਖ 73 ਹਜ਼ਾਰ 730 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਜਿਸ ਲਈ 25 ਹਜ਼ਾਰ ਮੀਟਰਕ ਟਨ ਖਾਦ ਦੀ ਜਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿੱਚੋਂ 22966 ਮੀਟਰਕ ਟਨ ਖਾਦ ਦੀ ਜ਼ਿਲ੍ਹੇ ਅੰਦਰ ਆਮਦ ਹੋ ਚੁੱਕੀ ਹੈ ਜਿਸ ਵਿੱਚ 20499 ਮੀਟਰਕ ਟਨ ਡੀ.ਏ.ਪੀ. ਖਾਦ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 10072 ਮੀਟਰਕ ਟਨ ਪ੍ਰਾਈਵੇਟ ਡੀਲਰਾਂ ਅਤੇ 10427 ਮੀਟਰਕ ਟਨ ਸਹਿਕਾਰੀ ਸਭਾਵਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਦੀ ਖਾਦ ਡੀ.ਏ.ਪੀ. ਦੇ ਬਦਲ ਵਜੋਂ ਜਿਵੇਂ ਟੀ.ਐਸ.ਪੀ. 0:46:0, ਐਨਪੀਕੇ 12:32:16 ਅਤੇ 16:16:16 ਮੌਜੂਦ ਹੈ। ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੇ ਰੈਕਾਂ ਦੀ ਸਪਲਾਈ ਵੀ ਜਲਦ ਜ਼ਿਲ੍ਹੇ ਅੰਦਰ ਪੁੱਜ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਮਨਜ਼ੂਰਸ਼ੁਦਾ ਫਾਸਫੋਟਿਕ ਖਾਦਾਂ ਦੀ ਵਰਤੋਂ ਵੀ ਕਰ ਸਕਦੇ ਹਨ।
