ਅੰਮ੍ਰਿਤਸਰ 4,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨਾਂ ਨੂੰ ਖਾਲਿਸਤਾਨੀ ਕਹਿ ਕੇ ਕਈ ਬੀਜੇਪੀ ਲੀਡਰ ਕਸੂਤੇ ਘਿਰ ਗਏ ਹਨ। ਹੁਣ ਪਾਰਟੀ ਅੰਦਰੋਂ ਹੀ ਆਵਾਜ਼ ਇਸ ਖਿਲਾਫ ਆਵਾਜ਼ ਉੱਠਣ ਲੱਗੀ ਹੈ। ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਆਖਿਆ ਹੈ ਕਿ ਕਿਸਾਨਾਂ ਨੂੰ ਖਾਲਿਸਤਾਨੀ ਆਖਣ ਵਾਲਿਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦਾ ਮਸਲਾ ਗੱਲਬਾਤ ਕਰਕੇ ਜਲਦੀ ਹੱਲ ਕੀਤਾ ਜਾਵੇ।
ਇਸ ਸਬੰਧੀ ਉਨ੍ਹਾਂ ਦੀ ਵਾਇਰਲ ਹੋਈ 3 ਮਿੰਟ ਦੀ ਵੀਡੀਓ ਵਿੱਚ ਉਨ੍ਹਾਂ ਆਖਿਆ ਕਿ ਕੁਝ ਸਿਆਸਤਦਾਨਾਂ ਵੱਲੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਆਖਿਆ ਗਿਆ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਇਸ ਸਬੰਧੀ ਕਿਸਾਨਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਵਿੱਚੋਂ ਕਈਆਂ ਨੇ ਖ਼ੁਦ ਦੇਸ਼ ਦੀ ਰੱਖਿਆ ਲਈ ਸੇਵਾ ਕੀਤੀ ਹੈ ਤੇ ਕਈਆਂ ਦੇ ਬੱਚੇ ਫ਼ੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਸਿਰਫ਼ ਦੇਸ਼ ਲਈ ਅੰਨ ਪੈਦਾ ਨਹੀਂ ਕਰ ਰਹੇ, ਸਗੋਂ ਸਰਹੱਦਾਂ ’ਤੇ ਦੇਸ਼ ਦੀ ਰੱਖਿਆ ਵੀ ਕਰ ਰਹੇ ਹਨ। ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ’ਤੇ ਇਤਰਾਜ਼ ਪ੍ਰਗਟ ਕਰ ਰਹੇ ਹਨ। ਇਸ ਲਈ ਸਰਕਾਰ ਨੂੰ ਤੁਰੰਤ ਇਸ ਮਸਲੇ ਨੂੰ ਹੱਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਕਿਸਾਨ ਦੋ ਮਹੀਨਿਆਂ ਤੋਂ ਸੜਕਾਂ ’ਤੇ ਹਨ ਤੇ ਉਨ੍ਹਾਂ ਦੀ ਗੱਲਬਾਤ ਤੁਰੰਤ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਜਨਤਾ ਹੈ ਤੇ ਸਰਕਾਰਾਂ ਨੂੰ ਜਨਤਾ ਨਾਲ ਰੋਸ ਵਾਲਾ ਵਤੀਰਾ ਅਖ਼ਤਿਆਰ ਨਹੀਂ ਕਰਨਾ ਚਾਹੀਦਾ।