ਮਾਨਸਾ, 04 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫਸਲ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ, ਜਿਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਖਰੀਦੀ ਫਸਲ ਬਦਲੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 668 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖਰੀਦ ਨਾਲ ਸਬੰਧਤ ਹੋਰ ਵਰਗਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3 ਲੱਖ 54 ਹਜ਼ਾਰ 709 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2 ਲੱਖ 96 ਹਜ਼ਾਰ 500 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਨਿਰਧਾਰਿਤ ਸਮੇਂ ਅੰਦਰ ਲਿਫ਼ਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਮੰਡੀਆਂ ਵਿੱਚੋਂ 2 ਲੱਖ 2 ਹਜ਼ਾਰ 612 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖਰੀਦ ਕੀਤੀ ਗਈ 2 ਲੱਖ 96 ਹਜ਼ਾਰ 500 ਮੀਟਰਕ ਟਨ ਫਸਲ ਵਿੱਚੋਂ ਪਨਗਰੇਨ ਵੱਲੋਂ 98 ਹਜ਼ਾਰ 34 ਮੀਟਰਕ ਟਨ, ਮਾਰਕਫੈਡ ਵੱਲੋਂ 93 ਹਜ਼ਾਰ 685 ਮੀਟਰਕ ਟਨ, ਪਨਸਪ ਵੱਲੋਂ 68 ਹਜ਼ਾਰ 721 ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 36 ਹਜ਼ਾਰ 60 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਅਤੇ ਬਾਰਦਾਨੇ ਦੀ ਉੁਚਿੱਤ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਅਤੇ ਮਨੁੱਖਾਂ ਤੇ ਜੀਵ ਜੰਤੂਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।