ਚੰਡੀਗੜ੍ਹ 15,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):: ਤਿੰਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨੇ ‘ਤੇ ਬੈਠੇ ਕਿਸਾਨਾਂ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੀ ਵਿੱਪ ਕਿ ਉਹ ਸੰਸਦ ਦੇ ਵਿੱਚ ਹੀ ਰਹਿ ਕੇ ਕਿਸਾਨਾਂ ਦੀ ਆਵਾਜ਼ ਚੁੱਕਣਗੇ ਅਤੇ ਕੋਈ ਬਾਈਕਾਟ ਨਹੀਂ ਕਰਨਗੇ, ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਆਵਾਜ਼ ਸੰਸਦ ਦੇ ਸੈਸ਼ਨ ਦੌਰਾਨ ਚੁੱਕਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਇਸ ਸੰਸਦ ਦੇ ਸੈਸ਼ਨ ਦੌਰਾਨ ਵੀ ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਚੁੱਕੇ ਜਾਣਗੇ।
ਭਗਵੰਤ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਸਾਡਾ ਇਹ ਫਰਜ਼ ਬਣਦਾ ਹੈ ਕਿ ਅੰਨਦਾਤਾ ਕਿਸਾਨ ਦੀ ਆਵਾਜ਼ ਮੋਦੀ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾਵੇ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੁਹਾਰ ਲਗਾਈ ਜਾਵੇ। ਵਿਰੋਧੀ ਧਿਰਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਮੁਖ਼ਾਤਿਬ ਹੁੰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਨਾਜ਼ੁਕ ਸਮੇਂ ਦੌਰਾਨ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਇਸ ਸੰਬੰਧੀ ਸਾਰੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਲਾਮਬੰਦ ਕਰਨ ਦਾ ਵੀ ਯਤਨ ਕਰਨਗੇ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਸੈਸ਼ਨ ਦੌਰਾਨ ਕਿਸਾਨੀ ਨਾਲ ਸਬੰਧਤ ਕਈ ਸਵਾਲ ਵੀ ਦਾਖਿਲ ਕੀਤੇ ਹੋਏ ਹਨ ਅਤੇ ਲੋਕ ਸਭਾ ਦੇ ਸਪੀਕਰ ਦੀ ਇਜਾਜ਼ਤ ਨਾਲ ਉਹ ਕਿਸਾਨਾ ਦੇ ਸਵਾਲ ਵੀ ਚੁੱਕਣਗੇ।
ਮੋਦੀ ਸਰਕਾਰ ‘ਤੇ ਵਰ੍ਹਦਿਆਂ ਭਗਵੰਤ ਨੇ ਕਿਹਾ ਕਿ ਇਹ ਅਤਿ ਮੰਦਭਾਗਾ ਹੈ ਕਿ ਦੇਸ਼ ਦਾ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਵੀ ਪਿਛਲੇ ਕਰੀਬ ਇਕ ਸਾਲ ਤੋਂ ਸੜਕਾਂ ‘ਤੇ ਰੁਲਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ ਸੈਸ਼ਨ ਦੌਰਾਨ ਜਥੇ ਬਣਾ ਕੇ ਸੰਸਦ ਭਵਨ ਆਉਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਗੇ। ਉਨ੍ਹਾਂ ਦੁਹਰਾਇਆ ਕਿ ਮੋਦੀ ਸਰਕਾਰ ਨੂੰ ਆਪਣੀ ਜੱਿਦ ਨੂੰ ਛੱਡ ਦੇਣਾ ਚਾਹੀਦਾ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦਿਆਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।