*ਕਿਸਾਨੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰਨ ਕਿਸਾਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ*

0
26

ਮਾਨਸਾ, 05 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ ):

        ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ  ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਨਵੀਂ ਅਨਾਜ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਵਿੱਚੋਂ ਲਗਭਗ 1500 ਕਿਸਾਨਾਂ ਨੇ ਭਾਗ ਲਿਆ। ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕੀਤਾ। ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸਾਨੀ  ਦੇ ਮਿਆਰ ਨੂੰ ਉੱਚਾ ਚੁੱਕਣ ਲਈ ਨਵੀਆਂ ਖੇਤੀ ਨੀਤੀਆਂ ਬਣਾਈਆ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ ਨਹਿਰੀ ਪਾਣੀ ਦੀ ਘਾਟ ਨੁੰ ਦੇਖਦੇ ਹੋਏ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸੂਏ ਅਤੇ ਖਾਲਾਂ ਨੂੰ ਜਲਦੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੈਲਫ ਹੈਲਪ ਗਰੁੱਪ ਬਣਾ ਕੇ ਆਪਣੇ ਤਿਆਰ ਕੀਤੇ ਹੋਏ ਪ੍ਰੋਡਕਟਾਂ ਦੀ ਵਿਕਰੀ ਕਰਨ ਤਾਂ ਜੋ ਖੇਤੀ ਦੇ ਨਾਲ ਸਹਾਇਕ ਧੰਦਿਆਂ ਤੋਂ ਆਪਣੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਖਾਦਾਂ, ਕੀੜੇਮਾਰ ਦਵਾਈਆਂ ਦੀ ਘੱਟ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਹਮੇਸ਼ਾ ਵਚਨਬੱਧ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਸਿਖਲਾਈ ਕੈਂਪਾ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਕਰਦਿਆਂ ਵਾਤਾਵਰਣ ਦੀ ਸੰਭਾਲ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ  ਝੋਨੇ ਦੀ ਪਰਾਲੀ ਦਾ ਪ੍ਰਬੰਧਨ ਸਹਿਕਾਰੀ ਸਭਾਵਾਂ ਅਤੇ ਨਿੱਜੀ ਕਿਸਾਨਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਮਸ਼ੀਨਰੀ ਨਾਲ ਕੀਤਾ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤਾਂ ਜ਼ੋ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।  ਉਨ੍ਹਾਂ ਕਿਸਾਨਾਂ ਨੂੰ ਘੱਟ ਪਾਣੀ ਵਾਲੀਆਂ ਫਸਲਾਂ ਬੀਜਣ ਨੂੰ ਤਰਜੀਹ ਦੇਣ ਲਈ ਕਿਹਾ ਤਾਂ ਜ਼ੋ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲ ਕੇ ਰੱਖਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਕਿਸਾਨ ਕੀੜੇਮਾਰ ਦਵਾਈਆਂ ਦੀ ਘੱਟ ਤੋਂ ਘੱਟ ਦੀ ਵਰਤੋਂ ਕਰਨ ਕਿਉਂਕਿ ਇਹ ਕੀੜੇਮਾਰ ਦਵਾਈਆਂ ਖਾਦ ਪਦਾਰਥਾਂ ਵਿੱਚ ਰਲ ਕੇ ਮਨੁੱਖੀ ਸਿਹਤ ’ਤੇ ਬੁਰਾ ਅਸਰ ਪਾਉਂਦੀਆਂ ਹਨ ਅਤੇ ਧਰਤੀ ਨੂੰ ਵੀ ਗੰਧਲਾ ਕਰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਆਪਣੇ ਖੇਤਾਂ ਦੇ ਆਲੇ—ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ, ਡਾ.ਦਿਲਬਾਗ ਸਿੰਘ ਨੇ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਵਿਭਾਗ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ 2023—24 ਦੌਰਾਨ ਕਣਕ ਦੀ ਫਸਲ ਹੇਠ 1,70,000 ਹੈਕਟੇਅਰ ਰਕਬਾ ਲਿਆਂਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਰਾਇ ਅਨੁਸਾਰ ਹੀ ਕੀਤੀ ਜਾਵੇ ਤਾਂ ਜ਼ੋ ਲੋੜ ਅਨੁਸਾਰ ਸਹੀ ਮਿਕਦਾਰ ਵਿੱਚ ਇੰਨਪੁਟਸ ਦੀ ਵਰਤੋਂ ਕੀਤੀ ਜਾ ਸਕੇ ਅਤੇ ਵਾਧੂ ਖੇਤੀ ਖਰਚਿਆਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਖਰੀਦ ਸਮੇਂ ਦੁਕਾਨਦਾਰ ਪਾਸੋਂ ਪੱਕਾ ਬਿੱਲ ਲਿਆ ਜਾਵੇ। ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਨਾਲ ਕੀਤਾ ਜਾਵੇ।  ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਅੱਗ ਨਾ ਲਗਾਉਣ ਦੇ ਫਾਇਦਿਆਂ ਸਬੰਧੀ ਵਿਸਥਾਰਪੂਰਵਕ ਜਾਥਾਰੀ ਦਿੱਤੀ। ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਜੇਕਰ ਦੁਕਾਨਦਾਰਾਂ ਵੱਲੋਂ ਡੀ.ਏ.ਪੀ. ਖਾਦ ਨਾਲ ਬੇਲੋੜੀਆਂ ਖਾਦਾਂ ਦੀ ਟੈਗਿੰਗ ਕੀਤੀ ਜਾਂਦੀ ਹੈ ਤਾਂ ਤੁੰਰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਖਾਦਾਂ ਦੀ ਕਮੀ ਸਬੰਧੀ ਕਿਸੇ ਤਰ੍ਹਾਂ ਦੀ ਘਬਰਾਹਟ ਕਰਨ ਦੀ ਜਰੂਰਤ ਨਹੀ ਹੈ ਅਤੇ ਲੋੜ ਅਨੁਸਾਰ ਖਾਦਾਂ ਬਿਜਾਈ ਤੋਂ ਪਹਿਲਾਂ ਉਪਲੱਬਧ ਕਰਵਾ ਲਈਆਂ ਜਾਣਗੀਆਂ।

ਕੈਂਪ ਵਿੱਚ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਾਇੰਸਦਾਨਾਂ ਦੀ ਟੀਮ ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਹੋਮ ਸਾਇੰਸ), ਕ੍ਰਿਸੀ ਵਿਗਿਆਨ ਕੇਂਦਰ, ਮਾਨਸਾ ਟੀਮ ਇੰਚਾਰਜ ਦੀ  ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਪਹੁੰਚੀ। ਮਾਹਿਰਾਂ ਵਿੱਚੋਂ ਡਾ. ਪ੍ਰਿਤਪਾਲ ਸਿੰਘ, ਜ਼ਿਲ੍ਹਾ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਕਿਸਮਾਂ ਅਤੇ ਉਨ੍ਹਾਂ ਦੀ ਕਾਸ਼ਤ ਸਬੰਧੀ, ਡਾ. ਰਜਿੰਦਰ ਕੌਰ ਸਿੱਧੂ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਵੱਲੋਂ ਫਲਾਂ ਅਤੇ ਸਬਜੀਆਂ ਦੀ ਸਾਂਭ ਸੰਭਾਲ ਲਈ ਤਕਨੀਕਾਂ ਬਾਰੇ, ਡਾ.ਨਵਨੀਤ ਕੌਰ, ਜਿਲ੍ਹਾ ਪ੍ਰਸਾਰ ਮਾਹਿਰ (ਫਸਲ ਵਿਗਿਆਨ) ਵੱਲੋਂ ਫਸਲਾਂ ਦੀਆਂ ਕਿਸਮਾਂ ਸਬੰਧੀ ਅਤੇ ਅਖ਼ੀਰ  ਵਿੱਚ ਇੰਜ: ਅਲੋਕ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਅਤੇ ਪਾਣੀ) ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਵੱਲੋਂ ਪੇਸ਼ ਕੀਤੇ ਗਏ ਸਵਾਲਾਂ ਦਾ ਬਾਖੁਬੀ ਤਰੀਕੇ ਨਾਲ ਢੁਕਵਾਂ ਹੱਲ ਦੱਸਿਆ ਗਿਆ।
ਡਾ. ਮਨੋਜ ਕੁਮਾਰ, ਖੇਤੀਬਾੜੀ ਅਫਸਰ, ਮਾਨਸਾ, ਡਾ. ਜ਼ਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ (ਟੀ.ਏ), ਡਾ.ਗੁਰਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਡਾ. ਅਮਨ ਸੁਲੇਖ ਕੁਮਾਰ ਮਹਿਲਾ, ਖੇਤੀਬਾੜੀ ਵਿਕਾਸ ਅਫਸਰ, ਡਾ. ਅਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਇੰਜ: ਕੁਲਦੀਪ ਸਿੰਘ, ਸਹਾਇਕ ਖੇਤੀਬਾੜੀ ਇੰਜ: ਆਦਿ ਅਧਿਕਾਰੀਆਂ ਵੱਲੋਂ ਵੱਖ—ਵੱਖ ਵਿਸ਼ਿਆਂ ਸਬੰਧੀ ਖੇਤੀਬਾੜੀ ਦੀਆਂ ਤਕਨੀਕਾਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕੱੁਝ ਅਗਾਂਹ ਵਧੂ ਕਿਸਾਨਾਂ ਵੱਲੋਂ ਵੀ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ ਗਏ।
ਸ੍ਰੀ ਬਲਵੀਰ ਸਿੰਘ, ਸਹਾਇਕ ਡਾਇਰੈਕਟਰ ਡੇਅਰੀ ਵੱਲੋਂ ਡੇਅਰੀ ਨਾਲ ਸਬੰਧਤ ਸਹਾਇਕ ਧੰਦੇ ਬਾਰੇ ਅਤੇ ਸ੍ਰੀ ਪ੍ਰਭਦਿਆਲ ਸਿੰਘ, ਮੱਛੀ ਪਾਲਣ ਅਫਸਰ, ਮਾਨਸਾ ਵੱਲੋਂ ਮੱਛੀ ਪਾਲਣ ਦੇ ਧੰਦੇ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਖ਼ੀਰ ਵਿੱਚ ਮੁੱਖ ਖੇਤੀਬਾੜੀ ਅਫਸਰ, ਡਾ. ਦਿਲਬਾਗ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ , ਕਿਸਾਨਾਂ, ਸਾਇੰਸਦਾਨਾ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਦਾ ਧੰਨਵਾਦ ਕੀਤਾ। ਕੈਂਪ ਵਿੱਚ ਵੱਖ—ਵੱਖ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਸਟਾਲਾਂ ਲਗਾਈਆਂ ਗਈਆਂ, ਜਿਨ੍ਹਾਂ ਦਾ ਕਿਸਾਨਾਂ ਵੱਲੋਂ ਭਰਪੂਰ ਲਾਭ ਉਠਾਇਆ ਗਿਆ।  
ਇਸ ਮੌਕੇ ਡਾ. ਹਰਵਿੰਦਰ ਸਿੰਘ, ਖੇਤੀਬਾੜੀ ਅਫਸਰ, ਭੀਖੀ, ਸ੍ਰੀ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਅਤੇ ਡਾ. ਚਮਨਦੀਪ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਹਾਜ਼ਰ ਸਨ।

LEAVE A REPLY

Please enter your comment!
Please enter your name here