ਮਾਨਸਾ, 27 ਮਈ(ਸਾਰਾ ਯਹਾਂ/ ਮੁੱਖ ਸੰਪਾਦਕ ): ਜ਼ਿਲਾ ਮਾਨਸਾ ਦੇ ਹਰ ਵਰਗ ਦੇ ਲੋੜਵੰਦ ਲੋਕਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਲੋਕਾਂ ਨੂੰ ਰਾਜ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਉਲੀਕੀਆਂ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ’ਚ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁੱਢਲਾਡਾ ਸ੍ਰੀ ਬੁੱਧ ਰਾਮ ਅਤੇ ਹਲਕਾ ਵਿਧਾਇਕ ਸਰਦੂਲਗੜ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਦੀ ਹਾਜ਼ਰੀ ’ਚ ਮਹਿਕ ਰਿਜੋਰਟ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼ਹੀਦ ਹੋਏ ਜ਼ਿਲੇ ਦੇ 79 ਕਿਸਾਨਾਂ ਦੇ 291 ਵਾਰਸਾਂ ਨੂੰ 2 ਕਰੋੜ 87 ਲੱਖ ਤੋਂ ਵਧੇਰੇ ਰਾਸ਼ੀ ਦੇ ਚੈਕ ਸੋਂਪਣ ਮੌਕੇ ਕੀਤਾ।
ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕ ਹਿੱਤਾਂ ਵਿੱਚ ਫੈਸਲੇ ਕੀਤੇ ਜਾ ਰਹੇ ਹਨ ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਰਾਹਤ ਮਿਲੇਗੀ। ਉਨਾਂ ਕਿਹਾ ਕਿ ਹਲਕੇ ਦੇ ਲੋਕ ਉਨਾਂ ਦਾ ਪਰਿਵਾਰ ਹਨ ਅਤੇ ਉਹ ਲੋਕਾਂ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨਾਂ ਕਿਹਾ ਕਿ ਹਲਕਾ ਬੁਢਲਾਡਾ ਅਤੇ ਸਰਦੂਲਗੜ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ।
ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੌਰਾਨ 6 ਮਿ੍ਰਤਕਾਂ ਦੇ ਵਾਰਸਾਂ ਨੂੰ ਵੀ ਪ੍ਰਤੀ ਪਰਿਵਾਰ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵੱਜੋਂ ਚੈਂਕ ਸੌਂਪੇ ਗਏ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲਾ ਪ੍ਰਸ਼ਾਸਨ ਰਾਜ ਸਰਕਾਰ ਵੱਲੋਂ ਮਿਲਣ ਵਾਲੀ ਹਰੇਕ ਸੁਵਿਧਾ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਾਰਜ਼ਸੀਲ ਹੈ। ਉਨਾਂ ਜ਼ਿਲਾ ਮਾਨਸਾ ਦੇ ਹਰੇਕ ਲੋੜਵੰਦ ਵਰਗ ਦੇ ਲੋਕਾਂ ਨੂੰ ਰਾਜ ਸਰਕਾਰ ਵੱਲੋਂ ਮਿਲਣ ਵਾਲੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਐਸ.ਡੀ.ਐਮ. ਸਰਦੂਲਗੜ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਗੁਰਪ੍ਰੀਤ ਸਿੰਘ ਭੁੱਚਰ (ਆਪ) ਆਗੂ, ਸੁਖਵੰਤ ਸਿੰਘ ਅੱਕਾਵਾਲੀ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।
ਤਸਵੀਰਾਂ 1 ਤੋਂ 6
ਹਲਕਾ ਵਿਧਾਇਕ ਬੁਢਲਾਡਾ ਬੁੱਧ ਰਾਮ, ਹਲਕਾ ਵਿਧਾਇਕ ਸਰਦੂਗੜ ਗੁਰਪ੍ਰੀਤ ਸਿੰਘ ਬਣਾਂਵਲੀ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਂਕ ਸੋਂਪਦੇ ਹੋਏ।