ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਵਾਲੇ ਕਰਮਚਾਰੀਆਂ ਨੂੰ ਕੈਪਟਨ ਸਰਕਾਰ ਕਰ ਰਹੀ ਬਰਖਾਸਤ: ‘ਆਪ’

0
37

ਚੰਡੀਗੜ੍ਹ 21, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਵਾਲੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਬਰਖਾਸਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਉੱਤੇ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ। ਵਿਧਾਇਕ ਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਕਾਰਨ ਸਰਕਾਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਨੂੰ ਕੁਝ ਦਿਨ ਪਹਿਲਾਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਕਸੂਰ ਸਿਰਫ ਇਹ ਸੀ ਕਿ ਕਿਸਾਨ ਪਰਿਵਾਰ ਨਾਲ ਸਬੰਧਤ ਰੱਖਣ ਕਾਰਨ ਉਹ ਦਿੱਲੀ ਬਾਰਡਰ ਉੱਤੇ ਚਲ ਰਹੇ ਕਿਸਾਨ ਅੰਦੋਲਨ ਵਿੱਚ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਲਈ ਧਰਨੇ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਕਰਮਚਾਰੀ ਜਥੇਬੰਦੀਆਂ ਦੇ ਮੈਂਬਰਾਂ ਨੇ ਜਦੋਂ ਵੱਡੀ ਗਿਣਤੀ ਵਿੱਚ ਬਰਖਾਸਤਗੀ ਦੇ ਵਿਰੁੱਧ ਡੀਸੀ ਦਫ਼ਤਰ ਬਾਹਰ ਧਰਨੇ ਉੱਤੇ ਬੈਠੇ ਉਦੋਂ ਬਰਖਾਸਤਗੀ ਦਾ ਮਾਮਲਾ ਸਾਹਮਣੇ ਆਇਆ।

ਉਨ੍ਹਾਂ ਸਵਾਲ ਕਰਦੇ ਹੋਏ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਕੈਪਟਨ ਨੇ ਕਿਸਾਨ ਅੰਦੋਲਨ ਦੇ ਸਮਰਥਕਾਂ ਦੀ ਆਵਾਜ਼ ਦਬਾਉਣ ਲਈ ਆਪਣੇ ਅਧਿਕਾਰੀਆਂ ਨੂੰ ਛੋਟ ਦੇ ਦਿੱਤੀ ਹੈ। ਆਖਰ ਕਿਸ ਦੇ ਇਸ਼ਾਰੇ ਉੱਤੇ ਇਹ ਅਧਿਕਾਰੀ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਕਰਮਚਾਰੀਆਂ ਨੂੰ ਬਰਖਾਸਤ ਕਰ ਰਹੇ ਹਨ? ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬਰਖਾਸਤ ਕੀਤੇ ਗਏ ਕਰਮਚਾਰੀ ਨੂੰ ਪ੍ਰਸ਼ਾਸਨ ਨੇ ਛੇਤੀ ਬਹਾਲ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਕੈਪਟਨ ਦੇ ਘਰ ਦਾ ਘਿਰਾਓ ਕਰੇਗੀ।

ਉਨ੍ਹਾਂ ਕੈਪਟਨ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਇਹ ਬਰਖਾਸਤਗੀ ਇਸ ਗੱਲ ਦਾ ਸਬੂਤ ਹੈ ਕਿ ਕੈਪਟਨ, ਮੋਦੀ-ਸ਼ਾਹ ਨਾਲ ਮਿਲਕੇ ਕਿਸਾਨ ਅੰਦੋਲਨ ਨੂੰ ਕੁਚਲਣਾ ਚਾਹੁੰਦੇ ਹਨ। ਕੈਪਟਨ ਆਪਣੇ ਪੁੱਤਰ ਨੂੰ ਈਡੀ ਕੇਸਾਂ ਤੋਂ ਬਚਾਉਣ ਲਈ ਇਤਿਹਾਸਕ ਕਿਸਾਨ ਅੰਦੋਲਨ ਨੂੰ ਕੁਚਲਣ ਦਾ ਯਤਨ ਕਰ ਰਹੀ ਮੋਦੀ ਸਰਕਾਰ ਦਾ ਸਾਥ ਦੇ ਰਹੇ ਹਨ ਪਰ ਕੈਪਟਨ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਅੰਦੋਲਨ ਇਤਿਹਾਸ ਦੀ ਕਿਤਾਬ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਅਤੇ ਇਸ ਅੰਦੋਲਨ ਨੂੰ ਕੁਚਲਣ ਵਾਲਿਆਂ ਦਾ ਸਾਥ ਦੇਣ ਵਾਲਿਆਂ ਵਿੱਚ ਉਨ੍ਹਾਂ ਦਾ ਨਾਮ ਵੀ ਇਤਿਹਾਸ ਦੇ ਕਾਲੇ ਪੰਨਿਆਂ ਉੱਤੇ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ।

LEAVE A REPLY

Please enter your comment!
Please enter your name here