ਕਿਸਾਨ ਅੰਦੋਲਨ ‘ਤੇ ਕੈਨੇਡਾ ਦੇ ਸਟੈਂਡ ਮਗਰੋਂ ਭਾਰਤੀ ਵਿਦੇਸ਼ ਮੰਤਰੀ ਦਾ ਵੱਡਾ ਫੈਸਲਾ

0
103

ਨਵੀਂ ਦਿੱਲੀ 6,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨ ਅੰਦੋਲਨ ਕਾਰਨ ਭਾਰਤ ਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਹੋਰ ਵਧਦਾ ਜਾ ਰਿਹਾ ਹੈ। ਦਰਅਸਲ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨਾਂ ਦੇ ਅੰਦੋਲਨ ਬਾਰੇ ਕੀਤੀ ਗਈ ਹਮਾਇਤ ਮਗਰੋਂ ਭਾਰਤ ਬਹੁਤ ਨਾਰਾਜ਼ ਹੈ। ਉਧਰ, ਕੈਨੇਡੀਅਨ ਪ੍ਰਧਾਨ ਮੰਤਰੀ ਵੀ ਆਪਣੇ ਬਿਆਨ ‘ਤੇ ਕਾਇਮ ਹਨ। ਇਨ੍ਹਾਂ ਹਾਲਤਾਂ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਕੋਰੋਨਾ ਇਨਫੈਕਸ਼ਨ ਸਬੰਧੀ ਕੈਨੇਡਾ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਦਿੱਲੀ ਨੇ ਓਟਵਾ ਨੂੰ ਦੱਸਿਆ ਹੈ ਕਿ ਭਾਰਤ ਦੇ ਵਿਦੇਸ਼ ਮੰਤਰੀ 7 ਦਸੰਬਰ ਸੋਮਵਾਰ ਨੂੰ ਹੋਣ ਵਾਲੀ ਬੈਠਕ ਵਿੱਚ ਹਿੱਸਾ ਨਹੀਂ ਲੈ ਸਕਣਗੇ। ਹਾਲਾਂਕਿ, ਜੈਸ਼ੰਕਰ ਦੇ ਬੈਠਕ ‘ਚ ਸ਼ਾਮਲ ਨਾ ਹੋਣ ਦੇ ਫੈਸਲੇ ਪਿੱਛੇ ਭਾਰਤ ਨੇ ਕਾਰਜਕ੍ਰਮ ਦੇ ਮੁੱਦਿਆਂ ਨੂੰ ਕਾਰਨ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਕੈਨੇਡੀਅਨ ਸਰਕਾਰ ਨੂੰ ਦੱਸਿਆ ਗਿਆ ਹੈ ਕਿ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ 7 ਦਸੰਬਰ ਨੂੰ ਹੋਣ ਵਾਲੀ ਕੋਰੋਨਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੌਜੂਦ ਨਹੀਂ ਹੋਣਗੇ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਕਿਸਾਨਾਂ ਦੀ ਕਾਰਗੁਜ਼ਾਰੀ ‘ਤੇ ਟਿੱਪਣੀ ਕੀਤੀ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਖੜ੍ਹਾ ਰਹੇਗਾ। ਉਨ੍ਹਾਂ ਆਪਣੇ ਬਿਆਨ ਵਿੱਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਥਿਤੀ ਚਿੰਤਾਜਨਕ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਮਗਰੋਂ ਭਾਰਤ ਸਰਕਾਰ ਨੇ ਇਤਰਾਜ਼ ਜਤਾਇਆ ਸੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੱਲ੍ਹ ਇੱਕ ਵਾਰ ਫੇਰ ਕਿਹਾ ਸੀ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਵਿੱਚ ਹਮੇਸ਼ਾ ਖੇੜੇ ਰਹਿਣਗੇ। ਉਨ੍ਹਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਹ ਬਿਆਨ ਦਿੱਤਾ ਕਿ ਦੁਨੀਆ ਵਿੱਚ ਕਿਤੇ ਵੀ ਜੇ ਸ਼ਾਂਤਮਈ ਅੰਦੋਲਨ ਹੁੰਦਾ ਹੈ ਤਾਂ ਕੈਨੇਡਾ ਹਮੇਸ਼ਾ ਉਸ ਦੀ ਹਮਾਇਤ ਕਰੇਗਾ। ਇਸ ਮਾਮਲੇ ਤੇ ਭਾਰਤੀ ਵਿਦੇਸ਼ ਮੰਤਰਾਲੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਵੀ ਕਰ ਚੁੱਕਾ ਹੈ।

NO COMMENTS