ਅੰਮ੍ਰਿਤਸਰ 13,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲੀ ਕਾਮਯਾਬੀ ਲਈ ਅੱਜ ਤੜਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਤੜਕੇ 4 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪੁੱਜੇ ਰੰਧਾਵਾ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ, ਕੀਰਤਨ ਸਰਵਣ ਕੀਤਾ ਤੇ ਹੁਕਮਨਾਮਾ ਸੁਣ ਕੇ ਵਾਪਸੀ ਲਈ ਚਾਲੇ ਪਾਏ। ਇਸ ਮੌਕੇ ਕਾਂਗਰਸ ਆਗੂ ਭਗਵੰਤਪਾਲ ਸਿੰਘ ਸੱਚਰ ਤੇ ਹੋਰ ਆਗੂ ਵੀ ਉਨਾਂ ਨਾਲ ਹਾਜ਼ਰ ਸਨ।
ਰੰਧਾਵਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੀ ਅਪਾਰ ਕ੍ਰਿਪਾ ਨਾਲ ਸਾਡੇ ਕਿਸਾਨਾਂ ਨੂੰ ਸੰਘਰਸ਼ ਵਿਚ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜੋ ਆਪਣੇ ਅੱਖੜ ਰਵੱਈਏ ਕਰਕੇ ਜਾਣੀ ਜਾਂਦੀ ਹੈ, ਨੂੰ ਪੰਜਾਬ ਦੇ ਕਿਸਾਨਾਂ ਨੇ ਜਿਸ ਦ੍ਰਿੜਤਾ ਨਾਲ ਸੰਘਰਸ਼ ਕਰਕੇ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ, ਇਹ ਆਪਣੀ ਤਰ੍ਹਾਂ ਦੀ ਇਕਲੌਤੀ ਮਿਸਾਲ ਹੈ।
ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਵੇਲੇ ਪੰਜਾਬੀਆਂ ਨੇ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਸਨ, ਠੀਕ ਉਸੇ ਤਰ੍ਹਾਂ ਇੰਨਾ ਕਾਲੇ ਕਾਨੂੰਨਾਂ ਵਿਰੁੱਧ ਵੀ ਪੰਜਾਬ ਦੇ ਕਿਸਾਨ ਨੇ ਅੱਗੇ ਹੋ ਕੇ ਲੜਾਈ ਲੜੀ ਤੇ ਫਿਰ ਦੇਸ਼-ਵਿਦੇਸ਼ ਤੋਂ ਇੰਨਾਂ ਨੂੰ ਡਟਵੀਂ ਹਮਾਇਤ ਮਿਲੀ, ਜਿਸ ਨੇ ਇਹ ਕਾਨੂੰਨ ਵਾਪਸ ਲੈਣ ਲਈ ਸਰਕਾਰ ਨੂੰ ਮਜ਼ਬੂਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਇਸ ਕਿਰਸਾਨੀ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕਈ ਚਾਲਾਂ ਵੀ ਚੱਲੀਆਂ, ਪਰ ਸੂਝਵਾਨ ਕਿਸਾਨਾਂ ਨੇ ਸਾਂਤੀਪੂਰਵਕ ਰਹਿੰਦੇ ਹੋਏ ਆਪਣਾ ਸੰਘਰਸ਼ ਜਾਰੀ ਰੱਖਿਆ ਤੇ ਜਿੱਤ ਵੱਲ ਵੱਧਦੇ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਇੰਨਾ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਰਹੀ ਹੈ ਤੇ ਸੰਘਰਸ਼ ਦੌਰਾਨ ਵੀ ਅਸੀਂ ਕਿਸਾਨਾਂ ਨਾਲ ਖੜ੍ਹੇ ਰਹੇ ਹਾਂ। ਉਨਾਂ ਕਿਹਾ ਕਿ ਇਸ ਸੰਘਰਸ਼ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਤਾਂ ਜੋ ਉਨਾਂ ਪਰਿਵਾਰਾਂ ਦੀ ਰੋਟੀ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੀ ਕੁਰਬਾਨੀ, ਸੋਚ ਤੇ ਸੰਘਰਸ਼ ਨੂੰ ਸਿਜਦਾ ਕਰਦਾ ਹੋਇਆ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਪਰਮਾਤਮਾ ਸਾਡੇ ਅੰਨਦਾਤੇ ਨੂੰ ਖੁਸ਼ਹਾਲੀ ਬਖਸ਼ੇ।