ਚੰਡੀਗੜ੍ਹ 03,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨ ਅੰਦੋਲਨ ਦੇ ਦੌਰਾਨ ਲਾਪਤਾ ਹੋਏ ਲੋਕਾਂ ਦਾ ਪਤਾ ਲਾਉਣ ਲਈ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਜਿਨ੍ਹਾਂ ਲਾਪਤਾ ਲੋਕਾਂ ਦੇ ਨਾਂ ਇਸ ਸੂਚੀ ਵਿੱਚ ਨਹੀਂ, ਉਨ੍ਹਾਂ ਦੀ ਤਲਾਸ਼ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ ਤੇ ਜ਼ਰੂਰਤ ਪੈਣ ‘ਤੇ ਉਪ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਵੀ ਗੱਲ ਕਰਾਂਗਾ।
ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਕਿਹਾ, ਮੈਂ, ਮੇਰੀ ਪਾਰਟੀ ਤੇ ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਹੈ ਤੇ ਕਿਸਾਨ ਅੰਦੋਲਨ ਨਾਲ ਸਬੰਧਤ ਲਾਪਤਾ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਦੀ ਪੂਰੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਜਾਵੇਗੀ। ਇਸ ਜਾਰੀ ਸੂਚੀ ਤੋਂ ਪਤਾ ਲਗਾ ਸਕਦਾ ਹੈ ਕਿ ਜੇਕਰ ਲਾਪਤਾ ਲੋਕ ਗ੍ਰਿਫਤਾਰ ਕੀਤੇ ਗਏ ਹਨ ਤਾਂ ਕਿਸ ਜੇਲ੍ਹ ਵਿੱਚ ਤੇ ਕਦੋਂ ਤੋਂ ਕੈਦ ਵਿਚ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਈ ਕਿਸਾਨ ਜਥੇਬੰਦੀਆਂ ਨੇ ਮੇਰੇ ਨਾਲ ਸੰਪਰਕ ਕਰਕੇ ਦੱਸਿਆ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਆਏ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵਾਪਸ ਘਰ ਨਹੀਂ ਪੁੱਜੇ ਹਨ ਤੇ ਉਹ ਲਾਪਤਾ ਹਨ। ਟਰੈਕਟਰ ਰੈਲੀ ਦੌਰਾਨ ਦਿੱਲੀ ਵਿੱਚ ਹੋਈ ਘਟਨਾ ਤੋਂ ਬਾਅਦ ਲਾਪਤਾ ਲੋਕਾਂ ਦੀ ਤਲਾਸ਼ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨਾ ਸਾਰੀਆਂ ਸਰਕਾਰਾਂ ਦਾ ਫ਼ਰਜ਼ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਡਿਜੀਟਲ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਇਹ ਵੀ ਸੰਭਵ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ਨੂੰ 26 ਜਨਵਰੀ ਵਾਲੀ ਘਟਨਾਵਾਂ ਨੂੰ ਲੈ ਕੇ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਵੇ ਤੇ ਉਹ ਕਿਸੇ ਜੇਲ੍ਹ ਵਿੱਚ ਕੈਦ ਹੋਣ ਤੇ ਇਸ ਕਾਰਨ ਲਾਪਤਾ ਲੋਕ ਆਪਣੇ ਘਰ ਦੇ ਲੋਕਾਂ ਨਾਲ ਸੰਪਰਕ ਨਾ ਕਰ ਪਾ ਰਹੇ ਹੋਣ।