ਨਵੀਂ ਦਿੱਲੀ 22 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਮੋਦੀ ਸਰਕਾਰ ਨੇ 2021-22 ਦੇ ਹਾੜੀ ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਐਲਾਨ ਕੀਤਾ ਹੈ। ਹਾੜੀ ਦੀਆਂ ਫਸਲਾਂ ਵਿੱਚ ਕਣਕ ਤੇ ਕੁਝ ਹੋਰ ਫਸਲਾਂ ਸ਼ਾਮਲ ਹਨ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਕਣਕ ਦੇ ਐਮਐਸਪੀ ਵਿੱਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਨੂੰ 1924 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 1975 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਐਮਐਸਪੀ ਵਧਾਉਣ ਦਾ ਐਲਾਨ ਕੀਤਾ। ਤੋਮਰ ਅਨੁਸਾਰ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ ਵਿੱਚ 2.6% ਦਾ ਵਾਧਾ ਹੋਇਆ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨ ਲਾਗਤ ਮੁੱਲ ਨਾਲੋਂ 106 ਫੀਸਦ ਵਧੇਰੇ ਕਮਾਉਣਗੇ।
ਰਬੀ ਸੀਜ਼ਨ ਦੀਆਂ ਹੋਰ ਫਸਲਾਂ ਵਿਚ ਜੌਂ ਦਾ ਐਮਐਸਪੀ 1525 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 1600 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਜਦੋਂ ਕਿ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 225 ਰੁਪਏ ਪ੍ਰਤੀ ਕੁਇੰਟਲ ਵਧਾ ਕੇ 5100 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਸਭ ਤੋਂ ਵੱਧ ਵਾਧਾ ਮਸਰ ਦੀ ਦਾਲ ‘ਚ ਕੀਤਾ ਗਿਆ ਹੈ ਜੋ 300 ਰੁਪਏ ਪ੍ਰਤੀ ਕੁਇੰਟਲ ਵਧਾ ਕੇ 5100 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਹ ਵਾਧਾ 6.3% ਹੈ। ਸਰ੍ਹੋਂ ਦੇ ਐਮਐਸਪੀ ਵਿੱਚ ਵੀ 225 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।
ਐਮਐਸਪੀ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ:
ਖੇਤੀਬਾੜੀ ਨਾਲ ਸਬੰਧਤ ਬਿੱਲਾਂ ਪ੍ਰਤੀ ਕਿਸਾਨਾਂ ਦੇ ਵਿਰੋਧ ਦਾ ਇੱਕ ਮੁੱਖ ਕਾਰਨ ਐਮਐਸਪੀ ਹੈ। ਕਿਸਾਨਾਂ ਨੂੰ ਡਰ ਹੈ ਕਿ ਸਰਕਾਰ ਨਵਾਂ ਕਾਨੂੰਨ ਬਣਨ ਤੋਂ ਬਾਅਦ ਐਮਐਸਪੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਹਾਲਾਂਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਅਤੇ ਸੰਸਦ ਦੇ ਬਾਹਰ ਕਈ ਵਾਰ ਇਹ ਸਾਫ਼ ਕੀਤਾ ਕਿ ਐਮਐਸਪੀ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ ਤੇ ਕਿਸਾਨਾਂ ਦੀ ਖਦਸ਼ਾ ਬੇਕਾਰ ਹੈ।