*ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਯੋਗ ਪ੍ਰਬੰਧਨ ਕਰਨ-ਵਧੀਕ ਡਿਪਟੀ ਕਮਿਸ਼ਨਰ*

0
22

ਮਾਨਸਾ, 07 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਗੇਹਲੇ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ। ਇਸ ਦੇ ਲਈ ਜਾਗਰੂਕ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਹੋਂਦ ਨੂੰ ਬਚਾਉਣ ਲਈ ਕੁਦਰਤ ਨੂੰ ਬਚਾਉਣਾ ਵੀ ਲਾਜ਼ਮੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ।
ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਪਰਾਲੀ ਦਾ ਖੇਤ ਵਿੱਚ ਜਾਂ ਖੇਤ ਤੋਂ ਬਾਹਰ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਜਿੱਥੇ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਖੇਤੀ ਲਈ ਲੋੜੀਂਦੇ ਮਿੱਤਰ ਕੀੜਿਆਂ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਕੀਤੇ ਜਾਣ ਵਾਲੇ ਕੰਮਾਂ ਦਾ ਐਕਸ਼ਨ ਪਲਾਨ ਤਿਆਰ ਹੈ ਅਤੇ ਐਕਸ਼ਨ ਪਲਾਨ ਅਨੁਸਾਰ ਪਰਾਲੀ ਪ੍ਰਬੰਧਨ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਿੱਜੀ ਤੌਰ ’ਤੇ ਗਰੁੱਪਾਂ ਰਾਹੀਂ, ਸਰਕਾਰੀ ਸਭਾਵਾਂ ਅਤੇ ਪੰਚਾਇਤਾਂ ਰਾਹੀਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਹਰ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲੱਬਧ ਕਰਵਾਉਣ ਲਈ ਮਸ਼ੀਨਰੀ ਦੀ ਮੈਪਿੰਗ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ ਕੁੱਲ 242 ਪਿੰਡਾਂ ਵਿੱਚੋਂ 25 ਪਿੰਡਾਂ ਨੂੰ ਜ਼ੀਰੋ ਬਰਨਿੰਗ ਅਧੀਨ ਲਿਆਂਦੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਉਹਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਰੋਜਾਨਾਂ ਹੀ ਪਿੰਡ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਕੇ ਕਿਸਾਨਾਂ ਨੂੰ ਪਰਾਲੀ ਸਬੰਧੀ ਤਕਨੀਕੀ ਜਾਣਕਾਰੀ ਮੁਹੱਇਆ ਕਰਵਾਈ ਜਾ ਰਹੀ ਅਤੇ ਪਰਾਲੀ ਦੇ ਇਨ ਸੀਟੂ ਅਤੇ ਐਕਸ ਸੀਟੂ ਪ੍ਰਬੰਧਨ ਲਈ ਤਿਆਰ ਕੀਤੇ ਗਏ ਪਲਾਨ ਅਨੁਸਾਰ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾ ਤਿਆਰ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਉਪਲੱਬਧ ਹੈ। ਜ਼ਿਲ੍ਹੇ ਅੰਦਰ ਮੌਜੂਦ ਸਾਰੀਆਂ ਕੰਬਾਇਨਾਂ ਤੇ ਸੁਪਰ ਐਸ.ਐਮ.ਐਸ ਦੀ ਵਰਤੋਂ ਕੀਤੀ ਜਾਵੇਗੀ। ਮਨੋਜ਼ ਕੁਮਾਰ, ਬਲਾਕ ਖੇਤੀਬਾੜੀ ਅਫਸਰ ਮਾਨਸਾ ਨੇ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਉਪਲੱਬਧ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਾਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀੇ।
 ਕੈਂਪ ਵਿੱਚ ਹਰਮਨਦੀਪ ਸਿੰਘ ਏ.ਡੀ.ਓ, ਦਵਿੰਦਰ ਸਿੰਘ ਏ.ਐਸ.ਆਈ, ਪਰਾਗਦੀਪ ਸਿੰਘ ਬੀ.ਟੀ.ਐਮ ਅਤੇ ਪਿੰਡ ਦੇ ਮੋਹਤਬਾਰ ਵਿਅਕਤੀ ਅਤੇ ਕਿਸਾਨ ਹਾਜਰ ਸਨ।

NO COMMENTS