*ਕਿਸਾਨ ਦਿਨ ਵੇਲੇ ਖੇਤਾਂ ਨੂੰ ਪਾਣੀ ਲਗਾਉਣ ਨੂੰ ਤਰਜੀਹ ਦੇਣ-ਮੁੱਖ ਖੇਤੀਬਾੜੀ ਅਫ਼ਸਰ*

0
74

ਮਾਨਸਾ, 11 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣੇ੍ਹ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਕਣਕ ਦੀ ਫਸਲ ਵਿੱਚ ਤਣੇ੍ਹ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸੇ ਤਹਿਤ ਵਿਭਾਗ ਦੀ ਬਲਾਕ ਭੀਖੀ ਦੀ ਟੀਮ ਵੱਲੋ ਸਬੰਧਤ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼੍ਰੀ ਹਰਵਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਭੀਖੀ ਦੀ ਅਗਵਾਈ ਵਾਲੀ ਟੀਮ, ਜਿਸ ਵਿੱਚ ਸ਼੍ਰੀ ਨਰਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਭੀਖੀ, ਸ਼੍ਰੀ ਜਸਵੀਰ ਸਿੰਘ ਖੇਤੀਬਾੜੀ ਉਪ ਨਿਰੀਖਕ ਸ਼ਾਮਿਲ ਸਨ, ਵੱਲੋ ਪਿੰਡ ਧਲੇਵਾਂ ਦਾ ਦੌਰਾ ਕੀਤਾ ਗਿਆ। ਇਸ ਪਿੰਡ ਵਿੱਚ ਸਰਵੇਖਣ ਦੌਰਾਨ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਵੇਖੇ ਗਏ।
ਖੇਤੀਬਾੜੀ ਵਿਕਾਸ ਅਫਸਰ ਭੀਖੀ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਤਣ੍ਹੇ ਦੀ ਗੁਲਾਬੀ ਸੁੰਡੀ ਦੀਆਂ ਸੁੰਡੀਆਂ ਛੋਟੇ ਬੂਟੇ ਦੇ ਤਣਿ੍ਹਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ, ਸੁੱਕ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ। ਉਨ੍ਹਾਂ  ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿਨ ਸਮੇਂ ਪਾਣੀ ਲਗਾਉਣ ਨੂੰ ਤਰਜੀਹ ਦਿੱਤੀ ਜਾਵੇ, ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ।
ਉਨ੍ਹਾਂ ਦੱਸਿਆ ਕਿ ਜ਼ਿਆਦਾ ਹਮਲੇ ਵਾਲੇ ਖੇਤਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਟਨਾਸ਼ਕ 7 ਕਿਲੋ ਮੋਰਟੈਲ/ ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ.ਸੀ. (ਕਲੋਰਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋਂ ਪਹਿਲਾਂ ਛੱਟਾ ਦੇਵੋ। ਇਸ ਦੇ ਬਦਲ ਵਿੱਚ 50 ਮਿਲੀ ਲਿਟਰ ਪ੍ਰਤੀ ਏਕੜ ਕੋਰਾਜਨ 18.5 ਐਸੀ ਸੀ (ਕਲੋਰਐਂਟਰਾਨਿਲੀਪਰੋਲ) ਨੂੰ 80—100 ਲੀਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕਰਨਾ ਚਾਹੀਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਆਪਣੇ ਖੇਤਾਂ ਦਾ ਰੋਜਾਨਾ ਦੌਰਾ ਕੀਤਾ ਜਾਵੇ ਅਤੇ ਜੇਕਰ ਕਿਸੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਜਾਂਦਾ ਹੈ, ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਰਾਬਤਾ ਕੀਤਾ ਜਾਵੇ। 

LEAVE A REPLY

Please enter your comment!
Please enter your name here