ਮਾਨਸਾ, 8 ਮਾਰਚ (ਸਾਰਾ ਯਹਾਂ/ ਬੀਰਬਲ ਧਾਲੀਵਾਲ) :
ਪਿਛਲੇ ਸਾਲ ਗੁਲਾਬੀ ਸੁੰਡੀ ਨੇ ਕਿਸਾਨਾਂ ਦਾ ਵੱਡੇ ਪੱਧਰ *ਤੇ ਨਰਮਾ ਬਰਬਾਦ ਕਰ ਦਿੱਤਾ ਸੀ, ਇਸ ਕਾਰਨ ਖੇਤੀਬਾੜੀ ਵਿਭਾਗ ਵੱਲੋਂ ਅਗੇਤੇ ਹੀ ਪਿੰਡਾਂ ਵਿੱਚ ਕੈਂਪ ਲਾ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਤੋਂ ਬਚਾਅ ਲਈ ਜਾਗਰੂਕ ਕਰਨਾ ਸੁਰੂ ਕਰ ਦਿੱਤਾ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ, ਡਾ. ਮਨਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਗੁਲਾਬੀ ਸੁੰਡੀ ਤੋਂ ਬਚਾਅ ਲਈ ਮਾਰਚ ਮਹੀਨੇ ਦੌਰਾਨ ਛਟੀਆਂ ਨਾਲੋਂ ਅਣਖਿੜੇ ਟੀਂਡੇ ਵੱਖ ਕਰ ਲਏ ਜਾਣ ਕਿਉਂਕਿ ਇਨ੍ਹਾਂ ਟੀਂਡਿਆ ਵਿੱਚ ਗੁਲਾਬੀ ਸੁੰਡੀ ਦੇ ਅੰਸ਼ ਹੁੰਦੇ ਹਨ ਅਤੇ ਇਨ੍ਹਾਂ ਟੀਂਡਿਆਂ ਨੂੰ ਅੱਗ ਲਗਾ ਕੇ ਨਸ਼ਟ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਤਕਨੀਕੀ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ। ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸਾਂ ਕੀਤੀਆਂ ਨਰਮੇ ਦੀਆਂ ਕਿਸਮਾਂ ਹੀ ਬੀਜਣ। ਇਸ ਤੋਂ ਇਲਾਵਾ ਗੈਰ ਪ੍ਰਮਾਣਿਤ ਨਰਮੇ ਦੇ ਬੀਜਾਂ ਦੀ ਬਿਜਾਈ ਨਾ ਕੀਤੀ ਜਾਵੇ ਅਤੇ ਨਾ ਹੀ ਗੁਜਰਾਤੀ ਬੀਜਾਂ ਦੀ ਬਿਜਾਈ ਕੀਤੀ ਜਾਵੇ।