*ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ*

0
126

ਚੰਡੀਗੜ੍ਹ, 09 ਜੁਲਾਈ(ਸਾਰਾ ਯਹਾਂ/ਹਿਤੇਸ਼ ਸ਼ਰਮਾ )

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਤੁਰੰਤ ਜਾਇਜ਼ਾ ਲੈਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ, ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਸੂਬੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਚੱਲ ਰਹੀਆਂ ਰਾਹਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਭਾਰੀ ਬਰਸਾਤ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਬੰਧਤ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਹੁਸ਼ਿਆਰਪੁਰ ਅਤੇ ਆਦਮਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਜਿੰਪਾ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਰਾਹਤ ਰਾਸ਼ੀ ਦੇਣ ਬਾਬਤ ਮਾਲ ਮਹਿਕਮੇ ਨੇ ਕਾਰਵਾਈ ਆਰੰਭ ਕਰ ਦਿੱਤੀ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਮਾਲੋਵਾਲ ਅਤੇ ਧਾਰੜ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਖੇਤਾਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ ‘ਤੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਮੰਤਰੀ ਨੂੰ ਦੱਸਿਆ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਡੈਮ ਤੋਂ ਪਾਣੀ ਛੱਡਣ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਨਾਲ ਪਟਿਆਲਾ ਦਿਹਾਤੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਵੱਡੀ ਨਦੀ ਤੇ ਛੋਟੀ ਨਦੀ ਵਿਖੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੀਵੇਂ ਇਲਾਕਿਆਂ ਵਿੱਚੋਂ ਜਮ੍ਹਾਂ ਹੋਏ ਪਾਣੀ ਦੀ ਨਿਕਾਸੀ ਲਈ ਜੇ.ਸੀ.ਬੀ ਮਸ਼ੀਨਾਂ ਅਤੇ ਪੰਪਿੰਗ ਮਸ਼ੀਨਾਂ ਨੂੰ ਮੌਕੇ ’ਤੇ ਬੁਲਾਇਆ। ਇਸ ਮੌਕੇ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ।

NO COMMENTS