*ਕੁਦਰਤ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ-ਡੀਸੀ ਕੁਲਵੰਤ ਸਿੰਘ*

0
39

ਮਾਨਸਾ, 07 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾਨੂੰ ਵਾਤਾਵਰਣ ਪ੍ਰਦੂਸ਼ਿਤ ਨਹੀਂ ਕਰਨਾ ਚਾਹੀਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਅੱਜ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਸਾਂਝੇ ਤੌਰ ’ਤੇ ਪਿੰਡ ਭੁਪਾਲ, ਜੋਗਾ ਅਤੇ ਅਕਲੀਆ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਰਾਲੀ ਨੂੰ ਲੱਗੀ ਅੱਗ ਬੁਝਾਈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਅਤੇ ਇਸ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਹੋਂਦ ਨੂੰ ਜਿੰਦਾ ਰੱਖਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਸਾਡੀਆਂ ਫਸਲਾਂ ਲਈ ਲੋੜੀਂਦੇ ਜ਼ਰੂਰੀ ਤੱਤ ਵੀ ਮਰ ਜਾਂਦੇ ਹਨ।
ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੁਲਿਸ ਵਿਭਾਗ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਅੱਗ ਤੋਂ ਪੈਦਾ ਹੁੰਦੇ ਧੂੰਏਂ ਦੇ ਨੁਕਸਾਨਾਂ ਸਬੰਧੀ ਸਮਝਾਇਆ ਜਾ ਰਿਹਾ ਹੈ ਅਤੇ ਅੱਗ ਦੀਆਂ ਘੱਟਨਾਵਾਂ ਨੂੰ ਰੋਕਣ ਲਈ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ  ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਈ ਜਾਵੇ।

NO COMMENTS