*ਕੁਦਰਤ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ-ਕੁਲਵੰਤ ਸਿੰਘ*

0
12

ਮਾਨਸਾ, 13 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਜੋਗਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀ ਹੋਂਦ ਨੂੰ ਜਿੰਦਾ ਰੱਖਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਚੁੱਕਣੀ ਚਾਹੀਦੀ ਹੈ। ਸਾਨੂੰ ਆਪਣੇ ਬਜ਼ੁਰਗਾਂ ਦੇ ਦਿਖਾਏ ਰਾਹ ’ਤੇ ਚਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ।
ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਡੀਆਂ ਫਸਲਾਂ ਲਈ ਲੋੜੀਂਦੇ ਜ਼ਰੂਰੀ ਤੱਤ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਵਾਤਾਵਰਣ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸਲਾਹ ਲੈਣ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕਰ ਸਕਦੇ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਤੇ ਕਿਸਾਨ ਹਾਜ਼ਰ ਸਨ।

NO COMMENTS