*ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ*

0
35

ਚੰਡੀਗੜ੍ਹ, 2 ਮਾਰਚ (ਸਾਰਾ ਯਹਾਂ/  ਮੁੱਖ ਸੰਪਾਦਕ): ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ  4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਅਤੇ ਗਾਰੰਟੀਆਂ ਪੰਜਾਬ ਵਾਸੀਆਂ ਨਾਲ ਕੀਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤੇ ਜਾਣ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜਿਹੜੇ 4 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਦੇ ਨਾਂ ਜਸਕਰਨ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਅੰਨੀਆ, ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਅਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਧਲੇਵਾਂ ਜ਼ਿਲ੍ਹਾ ਮਾਨਸਾ, ਛਿੰਦਰਪਾਲ ਕੌਰ ਪੁੱਤਰੀ ਗੁਰਮੇਲ ਸਿੰਘ ਪਿੰਡ ਜਟਾਣਾ ਕਲਾਂ, ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਅਤੇ ਇਕਬਾਲ ਸਿੰਘ ਪੁੱਤਰ ਜਗਜੀਤ ਸਿੰਘ ਪਿੰਡ ਬੱਲੂਆਣਾ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ। ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਵਿਚ ਕਲਰਕ ਦੀ ਨੌਕਰੀ ਦਿੱਤੀ ਗਈ ਹੈ। ਨਿਯੁਕਤੀ ਪੱਤਰਾਂ ਦੀ ਵੰਡ ਮੌਕੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਵੀ ਹਾਜ਼ਰ ਸਨ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਜਿਹੜੇ ਵੀ ਕਿਸਾਨ ਸ਼ਹੀਦ ਹੋਏ ਸਨ, ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਆਪਣੀ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਬਾਖੂਬੀ ਨਿਭਾਅ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੀ ਕਿਸਾਨੀ ਨੂੰ ਜ਼ਿਆਦਾ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ।
——

LEAVE A REPLY

Please enter your comment!
Please enter your name here