*ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਸੰਘਰਸ਼ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਪੱਕੇ ਮੋਰਚੇ ਵਿੱਚ ਛੇਵੇਂ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਹੋਏ ਸ਼ਾਮਲ*

0
11

ਬੁਢਲਾਡਾ 11 ਜਨਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬੁਢਲਾਡਾ ਦੇ ਡੀਐਸਪੀ ਦਫਤਰ ਅੱਗੇ ਲਾਇਆ ਗਿਆ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਇਕੱਠ ਵਿੱਚ ਮਾਨਸਾ ਤੋਂ ਇਲਾਵਾ ਫਾਜ਼ਿਲਕਾ, ਕਪੂਰਥਲਾ,ਮੋਗਾ ਅਤੇ ਮੁਹਾਲੀ ਜ਼ਿਲੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨਾਂ ਅਤੇ ਬੀਬੀਆਂ ਦੇ ਅੱਜ ਦੇ ਭਰਵੇਂ ਇਕੱਠ ਦੀ ਪ੍ਰਧਾਨਗੀ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕੀਤੀ।

             ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਮੁਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮਾਨਸਾ ਜ਼ਿਲ੍ਹੇ ਦਾ ਪ੍ਰਸ਼ਾਸਨ ਅੱਖਾਂ ਬੰਦ ਕਰ ਕੇ ਟਾਈਮ ਪਾਸ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸਰਕਾਰ ਨੂੰ ਭੁਲੇਖਾ ਹੈ ਕਿ ਕਿਸਾਨ ਥੱਕ ਕੇ ਬੈਠ ਜਾਣਗੇ ਪਰ ਜਥੇਬੰਦੀ ਵੱਲੋਂ ਆਬਾਦਕਾਰ ਕਿਸਾਨਾਂ ਦੇ ਇਸ ਹੱਕੀ ਸੰਘਰਸ਼ ਨੂੰ ਜਿੱਤ ਤੱਕ ਜਾਰੀ ਰੱਖਿਆ ਜਾਵੇਗਾ। ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਪ੍ਰਧਾਨ ਹਰਮੀਤ ਸਿੰਘ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਬੱਸ ਭਰ ਕੇ ਮੋਰਚੇ ਵਿੱਚ ਸ਼ਾਮਲ ਹੋਏ ਅਤੇ ਕੱਲ ਸ਼ਾਮ ਤੱਕ ਮੋਰਚੇ ਵਿੱਚ ਰਹਿਣਗੇ। ਕੱਲ੍ਹ ਦਸ ਜਨਵਰੀ ਨੂੰ ਮੋਰਚੇ ਵਿੱਚ ਸ਼ਾਮਲ ਹੋਏ ਕਪੂਰਥਲਾ,ਮੁਹਾਲੀ ਅਤੇ ਮੋਗਾ ਦੇ ਕਿਸਾਨ ਰਾਤ ਨੂੰ ਵੀ ਮੋਰਚੇ ਵਿੱਚ ਡਟੇ ਰਹੇ।

             ਕਿਸਾਨਾਂ ਦੇ ਇਕੱਠ ਨੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾਕਟਰ ਦਰਸ਼ਨਪਾਲ ਖ਼ਿਲਾਫ਼ ਗੋਦੀ ਮੀਡੀਆ ਵੱਲੋਂ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ। ਮਤਾ ਪੇਸ਼ ਕਰਦਿਆਂ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਡਾਕਟਰ ਦਰਸ਼ਨਪਾਲ ਵੱਲੋਂ ਕਿਸਾਨ ਹਿੱਤਾਂ ਲਈ ਲੜਨ ਦੀ ਪ੍ਰਸੰਸ਼ਾ ਕਰਦਿਆਂ ਕੇਂਦਰ ਸਰਕਾਰ ਅਤੇ ਗੋਦੀ ਮੀਡੀਆ ਨੂੰ ਕਿਸਾਨ ਆਗੂਆਂ ਖ਼ਿਲਾਫ਼ ਸਾਜ਼ਿਸ਼ਾਂ ਰਚਣ ਤੋਂ ਬਾਜ਼ ਆਉਣ ਲਈ ਕਿਹਾ। ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਅਤੇ ਸੂਬਾ ਖ਼ਜ਼ਾਨਚੀ ਬਲਵੰਤ ਸਿੰਘ ਉੱਪਲੀ ਨੇ ਦੱਸਿਆ ਕਿ ਕੱਲ੍ਹ ਨੂੰ ਮੋਰਚੇ ਵਿੱਚ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਅਤੇ ਬੀਬੀਆਂ ਸ਼ਾਮਿਲ ਹੋਣਗੇ। ਉਹਨਾਂ ਨੇ ਕਿਹਾ ਕਿ ਭਾਵੇਂ ਕਹਿਰ ਦੀ ਠੰਢ ਅਤੇ ਧੁੰਦ ਹੋਵੇ, ਭਾਵੇਂ ਪੰਜਾਬ ਸਰਕਾਰ ਅਤੇ ਮਾਨਸਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਢੀਠਤਾਈ, ਜਥੇਬੰਦੀ ਇਸ ਸੰਘਰਸ਼ ਵਿੱਚ ਗੱਜਵੱਜ ਕੇ ਜਿੱਤ ਹਾਸਲ ਕਰੇਗੀ। ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਬਰਨਾਲਾ ਤੋਂ ਆਗੂ ਮੋਰਚੇ ਦੀ ਹਮਾਇਤ ਵਿੱਚ ਸ਼ਾਮਲ ਹੋਏ। ਉਹਨਾਂ ਨੇ ਉਗਰਾਹਾਂ ਜਥੇਬੰਦੀ ਵੱਲੋਂ ਪੱਕੇ ਮੋਰਚੇ ਦੀ ਹਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ। 

             ਹੋਰਨਾਂ ਤੋਂ ਇਲਾਵਾ ਕਪੂਰਥਲਾ ਤੋਂ ਰਾਣਾ ਹਰਜਿੰਦਰ ਸਿੰਘ, ਮਨਜਿੰਦਰ ਕਮਲ ਅਤੇ ਜੋਗਾ ਸਿੰਘ, ਮੋਗਾ ਤੋਂ ਸੁਖਚੈਨ ਸਿੰਘ ਰਾਜੂ ਅਤੇ ਬਲ ਬਹਾਦਰ ਸਿੰਘ, ਮੁਹਾਲੀ ਤੋਂ ਪ੍ਰਦੀਪ ਮਿੱਤਲ, ਜਸਕਰਨ ਬਾਵਾ ਬਰੇਟਾ , ਸੁਖਜੀਤ ਕੌਰ ਭੈਣੀ ਬਾਘਾ ਅਤੇ ਗੁਰਮੁਖ ਸਿੰਘ ਸੱਦੇਵਾਲ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਬਲਕਾਰ ਸਿੰਘ ਚਹਿਲਾਂ ਵਾਲੀ ਨੇ ਬਾਖੂਬੀ ਚਲਾਈ। 

NO COMMENTS