ਪਟਿਆਲਾ 20,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ): ਕੇਂਦਰੀ ਜੇਲ੍ਹ ਪਟਿਆਲਾ ‘ਚ ਛੇ ਕੈਦੀਆਂ ਵੱਲੋਂ ਸਹਾਇਕ ਜੇਲ੍ਹ ਸੁਪਰਡੈਂਟ ‘ਤੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ।ਘਟਨਾ ਬੁੱਧਵਾਰ ਨੂੰ ਬੈਰਕਾਂ ਦੀ ਤਲਾਸ਼ੀ ਲਏ ਜਾਣ ਵਾਪਰੀ ਹੈ।ਨਿਊਜ਼ ਏਜੰਸੀ ਪੀਟੀਆਈ ਅਨੁਸਾਰ, ਪੁਲੀਸ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਸੁਖਦੀਪ ਸਿੰਘ ਅਤੇ ਜਗਦੀਪ ਸਿੰਘ ਸਮੇਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਪੁਲਿਸ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਜੇਲ੍ਹ ਦੇ ਇੱਕ ਕੈਦੀ ਕਰਮਜੀਤ ਸਿੰਘ ਨੇ ਵਧੀਕ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਕੁਝ ਕੈਦੀ ਉਸ ਕੋਲੋਂ ਜੇਲ੍ਹ ਵਿੱਚ ਰੰਗਦਾਰੀ ਦੀ ਕੋਸ਼ਿਸ਼ ਕਰ ਰਹੇ ਹਨ।
ਐਫਆਈਆਰ ਵਿੱਚ ਦੱਸਿਆ ਗਿਆ ਹੈ ਕਿ ਮੁਲਜ਼ਮ ਗੁਰਦੀਪ ਸਿੰਘ, ਇਕਬਾਲਪ੍ਰੀਤ ਸਿੰਘ, ਬਲਕਾਰ ਸਿੰਘ, ਜਗਦੀਪ ਸਿੰਘ, ਸੁਖਦੀਪ ਸਿੰਘ, ਰਾਜਵੀਰ ਸਿੰਘ ਅਤੇ ਅਮਨਪ੍ਰੀਤ ਸਿੰਘ ਨੇ ਉਸ ਕੋਲੋਂ ਕਥਿਤ ਤੌਰ ’ਤੇ 85 ਹਜ਼ਾਰ ਰੁਪਏ ਦੀ ਮੰਗ ਕੀਤੀ ਅਤੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਇਸ ਦੀ ਜਾਂਚ ਲਈ ਐਡੀਸ਼ਨਲ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਅਤੇ ਸਹਾਇਕ ਜੇਲ੍ਹ ਸੁਪਰਡੈਂਟ ਅਮਰਵੀਰ ਸਿੰਘ ਬੈਰਕਾਂ ਵਿੱਚ ਪਹੁੰਚੇ।ਅਧਿਕਾਰੀਆਂ ਨੂੰ ਦੇਖ ਕੇ ਮੁਲਜ਼ਮ ਕੈਦੀ ਮੌਕੇ ਤੋਂ ਭੱਜਣ ਲੱਗੇ। ਪਰ ਅਮਰਵੀਰ ਸਿੰਘ ਨੇ ਅਮਨਪ੍ਰੀਤ ਸਿੰਘ ਨੂੰ ਫੜ ਲਿਆ।ਹੋਰ ਮੁਲਜ਼ਮਾਂ ਨੇ ਜੇਲ੍ਹ ਅਧਿਕਾਰੀ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
ਮੁਲਜ਼ਮਾਂ ਕੋਲੋਂ ਇੱਕ ਮੋਬਾਈਲ ਫ਼ੋਨ ਅਤੇ ਦੋ ਸਿਮ ਕਾਰਡ ਬਰਾਮਦ ਹੋਏ ਹਨ।ਪੁਲਿਸ ਵੱਲੋਂ ਜੇਲ੍ਹ ਅਧਿਕਾਰੀ ’ਤੇ ਹਮਲਾ ਕਰਨ ਅਤੇ ਮੋਬਾਈਲ ਫ਼ੋਨ ਅਤੇ ਸਿਮ ਕਾਰਡਾਂ ਦੀ ਬਰਾਮਦਗੀ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ