*ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ*

0
9

ਪਟਿਆਲਾ, 9 ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕੇਂਦਰ ਸਰਕਾਰ ਦੀ ਫਲੈਗਸ਼ਿਪ ‘ਵਿਕਸਤ ਭਾਰਤ ਸੰਕਲਪ ਯਾਤਰਾ’ ਮੁਹਿੰਮ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਦੇ ਡਕਾਲਾ ਦਾ ਦੌਰਾ ਕੀਤਾ।

ਕੇਂਦਰੀ ਮੰਤਰੀ ਦੇ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਸੂਬਾਈ ਲੀਡਰਸ਼ਿਪ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ।

ਵੱਖ-ਵੱਖ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮਨਸੁਖ ਮਾਂਡਵੀਆ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਇਸ ਦੇਸ਼ ਦੇ ਹਰ ਨਾਗਰਿਕ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸੰਕਲਪ ਯਾਤਰਾ ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤੀਆਂ ਗਈਆਂ ਸੈਂਕੜੇ ਲੋਕ ਭਲਾਈ ਦੇ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਣ ਅਤੇ ਲੋਕ ਆਪਣੇ ਦਰਵਾਜ਼ੇ ‘ਤੇ ਇਨ੍ਹਾਂ ਸਕੀਮਾਂ  ਦਾ ਲਾਭ ਲੈਣ ਦੇ ਯੋਗ ਹੋਣ।”

ਉਨ੍ਹਾਂ ਕਿਹਾ, “ਇਸ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੌਰਾਨ ਹਰ ਕੋਈ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਰਜਿਸਟਰ ਕਰ ਸਕਦਾ ਹੈ। ਇਹ ਸਿਰਫ ਕਲਿਆਣਕਾਰੀ ਯੋਜਨਾਵਾਂ ਹੀ ਨਹੀਂ ਹਨ, ਸਗੋਂ ਇਹ ਮੋਦੀ ਜੀ ਦੀਆਂ ਗਾਰੰਟੀਆਂ ਹਨ ਅਤੇ ਮਾਣਯੋਗ ਪ੍ਰਧਾਨ ਮੰਤਰੀ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਕਦੇ ਵੀ ਅਸਫਲ ਨਹੀਂ ਹੁੰਦੇ।”

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ, “ਇਹ ਯਾਤਰਾ ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 15 ਨਵੰਬਰ ਨੂੰ ਝਾਰਖੰਡ ਤੋਂ ਕੀਤਾ ਗਿਆ ਸੀ, ਦੇਸ਼ ਭਰ ਦੇ ਨਾਗਰਿਕਾਂ ਨਾਲ ਸੰਪਰਕ ਵਧਾਉਣ ਲਈ ਇੱਕ ਪਰਿਵਰਤਨਸ਼ੀਲ ਮੁਹਿੰਮ ਵਜੋਂ ਉਭਰਿਆ ਹੈ ਅਤੇ ਹੁਣ ਤੱਕ 1 ਕਰੋੜ ਤੋਂ ਵੱਧ ਨਾਗਰਿਕਾਂ ਦੀ ਇਸ ਵਿਚ ਭਾਗੀਦਾਰੀ ਵੇਖੀ ਗਈ ਹੈ।”

ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਗੱਲਬਾਤ ਕਰਦਿਆਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾ ਰਹੀ ਹੈ, ਜਿਨ੍ਹਾਂ ਵਿੱਚੋਂ ਇੱਕ ਆਯੂਸ਼ਮਾਨ ਭਾਰਤ ਯੋਜਨਾ ਹੈ, ਜਿਸ ਨੇ ਭਾਰਤ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਕਿਉਂਕਿ ਹੁਣ ਹਰ ਕੋਈ ਸਹੀ ਸਿਹਤ ਦੇਖਭਾਲ ਮੁਫ਼ਤ ਵਿੱਚ ਪ੍ਰਾਪਤ ਕਰ ਸਕਦਾ ਹੈ।”

ਇਸ ਵਿਕਾਸ ਯਾਤਰਾ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਮੈਂ ਇਸ ‘ਵਿਕਸਤ ਭਾਰਤ ਸੰਕਲਪ ਯਾਤਰਾ’ ਰਾਹੀਂ ਹਰ ਪਿੰਡ, ਹਰ ਕਸਬੇ ਤੱਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਰਕਾਰ ਦੀ ਬਹੁਤ ਧੰਨਵਾਦੀ ਹਾਂ।”

ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, “ਇਹ ਦੁੱਖ ਦੀ ਗੱਲ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਪ੍ਰੋਗਰਾਮ ਨੂੰ ਕਾਮਯਾਬ ਨਹੀਂ ਹੋਣ ਦੇਣਾ ਚਾਹੁੰਦੀ ਅਤੇ ਇਸ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਗਲਤ ਹੈ ਕਿਉਂਕਿ ਇਹ ਪ੍ਰੋਗਰਾਮ ਇਸ ਗੱਲ ਦੀ ਪਰਵਾਹ ਕੀਤੇ ਬਿਨਾਂ ਕਿ ਲਾਭਪਾਤਰੀ ਕਿਸ ਪਾਰਟੀ ਦੇ ਹਨ, ਸਿਰਫ ਇਸ ਟੀਚੇ ਨਾਲ ਚੱਲ ਰਿਹਾ ਹੈ ਕਿ ਇਹ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਆਦਮੀ ਤੱਕ ਪਹੁੰਚੇ। ਇਸ ਲਈ ਮੈਂ ਭਗਵੰਤ ਮਾਨ ਨੂੰ ਵੀ ਬੇਨਤੀ ਕਰਦਾ ਹਾਂ ਕਿ ਜੇਕਰ ਉਹ ਸੱਚਮੁੱਚ ਹੀ ਆਮ ਆਦਮੀ ਦੇ ਮੁੱਖ ਮੰਤਰੀ ਹਨ ਤਾਂ ਇਸ ‘ਵਿਕਸਿਤ ਭਾਰਤ’ ਪ੍ਰੋਗਰਾਮ ਵਿੱਚ ਸਮੱਸਿਆਵਾਂ ਪੈਦਾ ਕਰਨ ਦੀ ਬਜਾਏ, ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਲੋਕਾਂ ਦੀ ਕੇਂਦਰ ਸਰਕਾਰ ਦੀ ਇਸ ਜਨਤਕ ਮੁਹਿੰਮ ਤੱਕ ਆਸਾਨ ਪਹੁੰਚ ਹੋਵੇ।”

ਇਸ ਮੌਕੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ, ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਹੋਰ ਪ੍ਰਮੁੱਖ ਆਗੂ ਮੰਤਰੀ ਸ੍ਰੀਨਿਵਾਸਲੂ, ਜੈ ਇੰਦਰ ਕੌਰ, ਪਰਮਿੰਦਰ ਬਰਾੜ, ਅਨਿਲ ਸਰੀਨ, ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਸੁਰਿੰਦਰ ਖੇੜਕੀ ਆਦਿ ਹਾਜ਼ਰ ਸਨ।
.

NO COMMENTS