ਮਾਨਸਾ, 08 ਸਤੰਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਬਠਿੰਡਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜਿਲ੍ਹਾ ਮਾਨਸਾ ਨਾਲ ਸਬੰਧਤ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੇ ਫੰਡਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਮੰਤਰੀ ਹਰਸਿਮਸਰਤ ਕੌਰ ਬਾਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਜਮ੍ਹਾਂ ਕਰਵਾਏ ਜਾਣ। ਉਨ੍ਹਾਂ ਮਾਨਸਾ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕੰਮਾਂ ’ਤੇ ਸੰਤੁਸ਼ਟੀ ਪ੍ਰਗਟਾਈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸਮੇਂ ਸਮੇਂ ’ਤੇ ਪ੍ਰਾਪਤ ਹੋਣ ਵਾਲੇ ਫੰਡਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲਗਾਉਣ ਦਾ ਭਰੋਸਾ ਦਿੱਤਾ।
ਉਨ੍ਹਾਂ ਲੋਕ ਭਲਾਈ ਦੇ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਵੱਛ ਭਾਰਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਮਗਨਰੇਗਾ, ਮਿਡ-ਡੇ-ਮੀਲ, ਦੀਨ ਦਿਆਲ ਉਪਾਧਿਆ ਗ੍ਰਾਮੀਣ ਯੋਜਨਾ, ਪ੍ਰਧਾਨ ਮੰਤਰੀ ਉੱਜਵਲ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਟਾ-ਦਾਲ ਸਕੀਮ, ਵੱਖ-ਵੱਖ ਕਿਸਮਾਂ ਦੀਆਂ ਪੈਨਸ਼ਨਾਂ ਆਦਿ ਦੀ ਸਮੀਖਿਆ ਕੀਤੀ ਗਈ।