ਕੇਂਦਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਮੀਟਿੰਗ ਤੈਅ, ਖੇਤੀਬਾੜੀ ਮੰਤਰੀ ਵੀ ਰਹਿਣਗੇ ਹਾਜ਼ਰ

0
37

ਚੰਡੀਗੜ੍ਹ 10 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਪੰਜਾਬ ‘ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਅਜਿਹੇ ‘ਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਰੀਬ ਇਕ ਮਹੀਨੇ ਬਾਅਦ ਮੁੜ ਗੱਲਬਾਤ ਦਾ ਸੱਦਾ ਦੇ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਕਿਸਾਨ ਲੀਡਰਾਂ ਨਾਲ 13 ਨਵੰਬਰ ਨੂੰ ਮੀਟਿੰਗ ਤੈਅ ਹੋਈ ਹੈ। ਇਸ ਮੀਟਿੰਗ ‘ਚ ਪਰ ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋ ਸਕਿਆ।

ਉੱਧਰ 31 ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਜੇ ਤਕ ਮੀਟਿੰਗ ਸਬੰਧੀ ਲਿਖਤੀ ਸੱਦਾ ਅਤੇ ਏਜੰਡਾ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਗੱਲਬਾਤ ਲਈ ਸੱਦਾ ਮਿਲਣ ਤੋਂ ਬਾਅਦ ਹੀ ਕਿਸਾਨ ਲੀਡਰ ਆਪਣੀ ਮੀਟਿੰਗ ਕਰਨਗੇ ‘ਤੇ ਰਣਨੀਤੀ ਉਲੀਕਣਗੇ। ਕੇਂਦਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਉਸ ਵੇਲੇ ਆਇਆ ਜਦੋਂ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਕੌਮੀ ਪੱਧਰ ‘ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੋਇਆ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਵੀ ਕੇਂਦਰ ਵੱਲੋਂ ਦੋ ਵਾਰ ਕਿਸਾਨ ਲੀਡਰਾਂ ਨੂੰ ਗੱਲਬਾਤ ਲਈ ਸੱਦਿਆ ਗਿਆ ਸੀ ਪਰ ਦੋਵੇਂ ਵਾਰ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਅਜਿਹੇ ‘ਚ 13 ਨਵੰਬਰ ਨੂੰ ਰੱਖੀ ਗੱਲਬਾਤ ਨਾਲ ਕੋਈ ਹੱਲ ਨਿੱਕਲਦਾ ਜਾਂ ਨਹੀਂ ਇਹ ਸਮਾਂ ਹੀ ਦੱਸੇਗਾ। ਪਰ ਕਿਸਾਨ ਇਸ ਗੱਲ ‘ਤੇ

ਡਟੇ ਹੋਏ ਹਨ ਕਿ ਜਿੰਨ੍ਹਾਂ ਚਿਰ ਕੇਂਦਰ ਵੱਲੋਂ ਜਾਰੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

NO COMMENTS