ਕੇਜਰੀਵਾਲ ਆਉਣਗੇ ਪੰਜਾਬ ਤੇ ਖੇਤੀ ਕਾਨੂੰਨਾਂ ਖਿਲਾਫ ਖੋਲ੍ਹਣਗੇ ਮੋਰਚਾ

0
39

ਚੰਡੀਗੜ੍ਹ 22,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 21 ਮਾਰਚ ਨੂੰ ਕਿਸਾਨ ਮਹਾਂ ਸੰਮੇਲਨ ਕਰਨ ਦਾ ਐਲਾਨ ਕੀਤਾ ਗਿਆ। ਪੰਜਾਬ ਦੇ ਬਾਘਾ ਪੁਰਾਣਾ ਵਿੱਚ ਆਯੋਜਿਤ ਹੋਣ ਵਾਲੇ ਸੰਮੇਲਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ। ‘ਆਪ’ ਲੀਡਰਾਂ ਨੇ ਕਿਹਾ ਕਿ ਬਾਘਾ ਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ ਵਿਚ ਸੂਬੇ ਭਰ ਤੋਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਲੋਕ ਸ਼ਮੂਲੀਅਤ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਮਹਾਂਸੰਮੇਲਨ ਦਾ ਮਕਸਦ ਹੋਵੇਗਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਸੁਨੇਹਾ ਦਿੱਤਾ ਜਾਵੇਗਾ ਕਿ ਉਹ ਹੰਕਾਰੀ ਨਾ ਬਣੇ, ਕਿਸਾਨਾਂ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਉਨ੍ਹਾਂ ਕਿਹਾ ਕਿ ਰੈਲੀ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਮੇਂ ਦੌਰਾਨ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ, ਰਵਾਇਤੀ ਪਾਰਟੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੱਤਾ ‘ਚ ਰਹਿੰਦੇ ਹੋਏ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੇ ਕਿਸਾਨਾਂ ਦੀ ਬਰਬਾਦ ਕਰਨ ਲਈ ਕੰਮ ਕੀਤਾ ਹੈ, ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ। ਹੁਣ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸਮਰਥਨ ਵਿੱਚ ਡਟੀ ਹੋਈ ਹੈ। ਪਾਰਟੀ ਵੱਲੋਂ ਕਿਸਾਨਾਂ ਵੱਲੋਂ ਦਿੱਤੇ ਗਏ ਹਰ ਸੱਦੇ ਦਾ ਸਮਰਥਨ ਕਰਦੇ ਹੋਏ ਕਿਸਾਨ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਗਈ ਹੈ।

NO COMMENTS