ਕੇਜਰੀਵਾਲ ਦਾ ਵਰਕਰਾਂ ਨੂੰ ਆਦੇਸ਼, 8 ਦਸੰਬਰ ਨੂੰ ਸੜਕਾਂ ‘ਤੇ ਡਟ ਜਾਓ

0
63

ਨਵੀਂ ਦਿੱਲੀ 6,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਕਿਸਾਨ ਅੰਦੋਲਨ ਲਗਾਤਾਰ 11 ਦਿਨਾਂ ਤੋਂ ਦਿੱਲੀ ਦੀ ਹੱਦ ‘ਤੇ ਜਾਰੀ ਹੈ। ਸਰਕਾਰ ਨਾਲ ਗੱਲਬਾਤ ਦੇ ਪੰਜ ਦੌਰ ਬੇਕਾਰ ਗਏ ਹਨ। 8 ਦਸੰਬਰ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ 8 ਦਸੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਭਾਰਤ ਬੰਦ ਲਈ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਦੇ ਦਿੱਲੀ ਪ੍ਰਦੇਸ਼ ਕਨਵੀਨਰ ਗੋਪਾਲ ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੇ ਵਰਕਰਾਂ ਨੂੰ ਦਿੱਲੀ ਤੇ ਦੇਸ਼ ਭਰ ਤੋਂ ਕਿਸਾਨਾਂ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਆਮ ਆਦਮੀ ਪਾਰਟੀ 8 ਦਸੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਭਾਰਤ ਬੰਦ ਦੇ ਸੱਦੇ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਂਤਮਈ ਢੰਗ ਨਾਲ ਇਸ ਦਾ ਸਮਰਥਨ ਕਰਨਗੇ। ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਹੈ ਕਿ ਹਰ ਕੋਈ ਕਿਸਾਨਾਂ ਦਾ ਸਮਰਥਨ ਕਰੇ ਤੇ ਇਸ ‘ਚ ਹਿੱਸਾ ਲਵੇ।”

ਗੋਪਾਲ ਰਾਏ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੇ ਕਿਸਾਨ 10 ਦਿਨਾਂ ਤੋਂ ਸੜਕਾਂ ‘ਤੇ ਹਨ। ਬੱਚੇ, ਬੁੱਢੇ ਲੋਕ, ਔਰਤਾਂ ਸਾਰੇ ਠੰਢੀਆਂ ਰਾਤਾਂ ਨੂੰ ਸੜਕਾਂ ‘ਤੇ ਸੌਣ ਲਈ ਮਜਬੂਰ ਹਨ। ਅਸੀਂ ਅਦਾਲਤਾਂ ‘ਚ ਤਰੀਕ ‘ਤੇ ਤਰੀਕ ਬਾਰੇ ਸੁਣਿਆ ਸੀ, ਪਰ ਪਹਿਲੀ ਵਾਰ ਅਸੀਂ ਵੇਖ ਰਹੇ ਹਾਂ ਕਿ ਕਿਸਾਨ ਠੰਢ ‘ਚ ਠਰ੍ਹ ਰਹੇ ਹਨ ਤੇ ਸਰਕਾਰ ਗੱਲਾਂ ਤੇ ਗੱਲਾਂ ਕਰ ਰਹੀ ਹੈ। ਇੱਕ ਪਾਸੇ ਕਿਸਾਨ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ, ਦੂਜੇ ਪਾਸੇ ਸਰਕਾਰ ਜਬਰੀ ਕਿਸਾਨਾਂ ਨੂੰ ਇਨ੍ਹਾਂ ਦੇ ਲਾਭ ਗਿਣ ਰਹੀ ਹੈ।

8 ਦਸੰਬਰ ਨੂੰ ਕਿਸਾਨਾਂ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਜ਼ਿਕਰ ਕਰਦਿਆਂ ਗੋਪਾਲ ਰਾਏ ਨੇ ਦੇਸ਼ ਭਰ ਵਿੱਚ ਆਪਣੀ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਇਹ ਲੜਾਈ ਸਿਰਫ ਕਿਸਾਨਾਂ ਦੀ ਨਹੀਂ, ਇਹ ਦੇਸ਼ ਦੀ ਲੜਾਈ ਹੈ ਤੇ ਜੇਕਰ ਖੇਤੀ ਨੂੰ ਖਤਮ ਕਰ ਦਿੱਤਾ ਜਾਵੇਗਾ ਤਾਂ ਦੇਸ਼ ਖਤਮ ਹੋ ਜਾਵੇਗਾ। ਇਸ ਲਈ ਸਾਰੇ ਰਾਜਾਂ ਵਿੱਚ ਸਾਰੇ ਜ਼ਿਲ੍ਹਿਆਂ ਦੇ ਕਾਰਕੁਨਾਂ ਨੂੰ ਕਿਸਾਨਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਪਾਰਟੀ ਵਰਕਰਾਂ ਤੋਂ ਇਲਾਵਾ ਗੋਪਾਲ ਰਾਏ ਨੇ ਦੇਸ਼ ਭਰ ਦੇ ਆਮ ਲੋਕਾਂ ਨੂੰ ਕਿਸਾਨਾਂ ਦੇ ਇਸ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

NO COMMENTS