ਚੰਡੀਗੜ੍ਹ 27,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਜ਼ੈੱਡ ਪਲੱਸ ਸੁਰੱਖਿਆ ਨੂੰ ਲੈ ਕੇ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਉੱਪਰ ਜੰਮ ਕੇ ਹੱਲਾ ਬੋਲਿਆ ਹੈ। ਕਾਂਗਰਸੀ ਲੀਡਰ ਪਰਗਟ ਸਿੰਘ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਗਲਤ ਤਰੀਕੇ ਨਾਲ ਪੰਜਾਬ ਦਾ ਕਨਵੀਨਰ ਦਿਖਾ ਕੇ ਜ਼ੈੱਡ ਪਲੱਸ ਸੁਰੱਖਿਆ ਦੇ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕੋਲ ਦਿੱਲੀ ਦੇ ਮੁੱਖ ਮੰਤਰੀ ਵਜੋਂ ਪਹਿਲਾਂ ਹੀ ਕੇਂਦਰ ਸਰਕਾਰ ਦੀ ਜ਼ੈੱਡ ਪਲੱਸ ਸਕਿਓਰਿਟੀ ਹੈ। ਉਨ੍ਹਾਂ ਕਿਹਾ ਕਿ ਦੋ ਜ਼ੈੱਡ ਪਲੱਸ ਸੁਰੱਖਿਆ ਵਾਲਾ ਆਮ ਆਦਮੀ ਭਾਰਤੀ ਰਾਜਨੀਤੀ ਵਿੱਚ ਇੱਕ ਨਵਾਂ ਨਿਵਾਨ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਦੱਸਿਆ ਗਿਆ ਹੈ। ਇਸ ਬਾਰੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਲਿਸਟ ਸ਼ੇਅਰ ਕਰਦਿਆਂ ਵੱਡਾ ਇਲਜ਼ਾਮ ਲਾਇਆ ਹੈ।
ਦਰਅਸਲ ਪੰਜਾਬ ਸਰਕਾਰ ਨੇ ਸੁਰੱਖਿਆ ਲਈ 29 ਅਪ੍ਰੈਲ ਨੂੰ ਇੱਕ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਅਨੁਸਾਰ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਹਨ, ਜਦੋਂਕਿ ਪੰਜਾਬ ਵਿੱਚ ਕਨਵੀਨਰ ਦਾ ਮਤਲਬ ਪ੍ਰਧਾਨ ਹੈ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਹਨ।