
ਚੰਡੀਗੜ੍ਹ 24,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਦੀ ਸੂਬੇ ਦੇ ਰੇਤ ਮਾਈਨਿੰਗ ਮਾਫੀਆ ‘ਚ ਹਿੱਸੇਦਾਰੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਸੂਬੇ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੂੰ ਸੂਬੇ ਦੇ ਕਈ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਦੇ ਰੇਤ ਮਾਈਨਿੰਗ ਮਾਫੀਆ ਨਾਲ ਗਠਜੋੜ ਬਾਰੇ ਖਾਸ ਜਾਣਕਾਰੀ ਦਿੱਤੀ ਗਈ ਸੀ। ਅਮਰਿੰਦਰ ਸਿੰਘ ਨੇ ਕਿਹਾ ਕਿ, ‘ਜਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਸੀ ਕਿ ਇਸ ਮਾਮਲੇ ‘ਚ ਸੀਨੀਅਰ ਮੰਤਰੀਆਂ ਤੋਂ ਲੈ ਕੇ ਹੇਠਾਂ ਤੱਕ ਕਈ ਲੋਕ ਸ਼ਾਮਲ ਹਨ। ਸੋਨੀਆ ਗਾਂਧੀ ਨੇ ਉਹਨਾਂ ਨੂੰ ਪੁੱਛਿਆ ਸੀ ਉਹ ਇਸ ਮਾਮਲੇ ਵਿੱਚ ਕੀ ਕਾਰਵਾਈ ਕਰ ਰਹੇ ਹਨ, ਤਾਂ ਉਹਨਾਂ ਵੱਲੋਂ ਕਿਹਾ ਗਿਆ ਸੀ ਕਿ ਮੈਨੂੰ ਉੱਪਰ ਤੋਂ ਸ਼ੁਰੂ ਕਰਨਾ ਪਵੇਗਾ।
ਈਡੀ ਨੇ ਪਿਛਲੇ ਹਫਤੇ ਕੀਤੀ ਕਾਰਵਾਈ-
ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਹਾਈਕਮਾਂਡ ਦੀ ਮਨਜ਼ੂਰੀ ਨਹੀਂ ਮਿਲੀ ਸੀ। ਅਮਰਿੰਦਰ ਸਿੰਘ ਨੇ ਕਿਹਾ ਕਿ, ਉਹ ਆਪਣੇ ਪੂਰੇ ਕਾਰਜਕਾਲ ਦੌਰਾਨ ਇੱਕੋ ਇੱਕ ਗਲਤੀ ਕੀਤੀ ਹੈ ਕਿ ਉਹਨਾਂ ਨੇ ਕਾਂਗਰਸ ਪ੍ਰਤੀ ਆਪਣੀ ਵਫ਼ਾਦਾਰੀ ਦੀ ਭਾਵਨਾ ਕਾਰਨ ਕਦੇ ਵੀ ਕੋਈ ਕਾਰਵਾਈ ਨਹੀਂ ਕੀਤੀ, ਕਿਉਂਕਿ ਸੋਨੀਆ ਗਾਂਧੀ ਵੱਲੋਂ ਉਨ੍ਹਾਂ ਲੋਕਾਂ ਵਿਰੁੱਧ ਕਾਰਵਾਈ ਕਰਨ ਦਾ ਕੋਈ ਸੰਕੇਤ ਨਹੀਂ ਮਿਲਿਆ ਸੀ।’
ਦੱਸ ਦਈਏ ਕਿ ਪਿਛਲੇ ਹਫਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਆਪਣੇ ਛਾਪਿਆਂ ਵਿੱਚ 10 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ। ਹਾਲਾਂਕਿ ਚਰਨਜੀਤ ਸਿੰਘ ਚੰਨੀ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕਰ ਰਹੇ ਹਨ।
