ਨਵੀਂ ਦਿੱਲੀ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਲੈਸ਼ ਨੂੰ ਖ਼ਤਮ ਕਰਨ ਲਈ ਪਾਰਟੀ ਹਾਈ ਕਮਾਨ ਦੀ ਸਭ ਤੋਂ ਵੱਡੀ ਬੈਠਕ ਖ਼ਤਮ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਪਹੁੰਚੇ ਸੀ। ਇਸ ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲ ਕੀਤੀ ਅਤੇ ਕਿਹਾ ਕਿ ਹਾਈਕਮਾਨ ਦਾ ਹਰ ਫੈਸਲਾ ਮੰਜ਼ੂਰ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਈ ਕਮਾਨ ਵਲੋਂ ਦਿੱਤਾ ਗਿਆ ਹਰ ਹੁਕਮ ਪੂਰਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਨਵਜੋਤ ਸਿੰਘ ਸਿੱਧੂ ‘ਤੇ ਪੁੱਛੇ ਸਵਾਲ ‘ਤੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।
ਦੱਸ ਦਈਏ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਮਹੱਤਵਪੂਰਨ ਹੈ ਕਿਉਂਕਿ ਪਾਰਟੀ ਹਾਈ ਕਮਾਂਡ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਥੋੜ੍ਹੀ ਦੇਰ ਪਹਿਲਾਂ ਪਾਰਟੀ ਵਿਚ ਤਬਦੀਲੀ ਕੀਤੇ ਜਾਣ ਦੀਆਂ ਅਟਕਲਾਂ ਹਨ।
ਕੁਝ ਦਿਨ ਪਹਿਲਾਂ ਸਿੱਧੂ ਨੇ ਕਾਂਗਰਸ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ। ਸਿੰਘ 22 ਜੂਨ ਨੂੰ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਾਂਗਰਸ ਕਮੇਟੀ ਵਿਚ ਪੇਸ਼ ਹੋਏ ਸੀ। ਇਹ ਕਮੇਟੀ ਪੰਜਾਬ ਕਾਂਗਰਸ ਵਿਚਲੀ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਬਣਾਈ ਗਈ ਹੈ।