ਫਿਰੋਜ਼ਪੁਰ 07,ਸਤੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ) : ਪੰਜਾਬ ਭਰ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਸੂਬਾ ਕਾਂਗਰਸ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਫਿਰੋਜ਼ਪੁਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪੁਤਲਾ ਫੂਕ ਕੇ ਜ਼ਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ।
‘ਆਪ’ ਆਗੂਆਂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਨੇ ਸਤਾ ‘ਚ ਆਉਣਾ ਸੀ ਤਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਸੀ ਪਰ ਉਹ ਵਾਅਦੇ ਪੂਰੇ ਨਹੀਂ ਕੀਤੇ। ਜਿਸ ਵਿੱਚ ਮਹਿੰਗੀ ਬਿਜਲੀ ਸਮਝੋਤੇ ਰੱਦ ਕਰਨ ਦੀ ਗੱਲ ਕੀਤੀ ਗਈ ਸੀ ਪਰ ਸੂਬੇ ਦੀ ਕਾਂਗਰਸ ਸਰਕਾਰ ਨੇ ਇੱਕ ਵਾਰ ਫਿਰ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਮਹਿੰਗੇ ਬਿਜਲੀ ਸਮਝੋਤੇ ਰੱਦ ਕਰਨ ਤੋਂ ਮੁਕਰ ਗਏ ਹਨ ਜਿਸ ਕਰਕੇ ਅੱਜ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਧਰ ਮੋਗਾ ‘ਚ ਵੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਬਿਜਲੀ ਦੇ ਮਹਿੰਗੇ ਰੇਟਾਂ ਦੇ ਮਾਮਲੇ ‘ਚ ਪ੍ਰਾਈਵੇਟ ਕੰਪਨੀਆਂ ਨਾਲ ਸਮਝੌਤੇ ਖਾਰਜ ਕਰਨ ਤੋਂ ਪਿੱਛੇ ਹਟਣ ਦੇ ਖ਼ਿਲਾਫ਼ ਆਰਡੀਸੀ ਦਫਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਨ੍ਹਾਂ ਨੇ ਇਸ ਮੌਕੇ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ।
ਪ੍ਰਦਰਸ਼ਨਕਾਰੀ ਪਾਰਟੀ ਆਗੂਆਂ ਮਦਨ ਲਾਲ ਬੱਗਾ ਅਤੇ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਰੱਦ ਕਰਨ ਦਾ ਵਾਅਦਾ ਕੀਤਾ ਸੀ। ਜਿਸ ਬਾਰੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕਹਿ ਚੁੱਕੇ ਹਨ ਅਤੇ ਕੈਪਟਨ ਦੇ ਲੀਗਲ ਐਡਵਾਈਜ਼ਰ ਵੀ ਇਸਦਾ ਸਮਰਥਨ ਕਰ ਚੁੱਕੇ ਹਨ ਕਿ ਸਮਝੌਤੇ ‘ਚ ਸੋਧ ਕੀਤੀ ਜਾ ਸਕਦੀ ਹੈ। ਲੇਕਿਨ ਸੀਐਮ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਦਾ ਸਾਥ ਦੇਣਾ ਸਾਫ ਤੌਰ ਤੇ ਦਰਸਾਉਂਦਾ ਹੈ ਕਿ ਉਹ ਪਿਛਲੀ ਅਕਾਲੀ-ਭਾਜਪਾ ਸਰਕਾਰ ਤੇ ਸਾਥੀ ਹਨ। ਜਿਨ੍ਹਾਂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀ ਅਤੇ ਲੋਕਾਂ ਨੂੰ ਫ੍ਰੀ ਬਿਜਲੀ ਦੇਣ ਦਾ ਦਾਅਵਾ ਵੀ ਕੀਤਾ।