*ਕੈਪਟਨ ਤੇ ਰਾਵਤ ਦੇ ਫੋਨ ਮਗਰੋਂ ਹਸਪਤਾਲ ਦਾਖਲਅਸ਼ਵਨੀ ਸੇਖੜੀ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ‘ਤੇ ਲੱਗੀ ਬ੍ਰੇਕ*

0
76

ਚੰਡੀਗੜ੍ਹ 28ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ) : ਕਾਂਗਰਸ ਦੇ ਸੀਨੀਅਰ ਲੀਡਰ ਤੇ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਦੇ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ‘ਤੇ ਬ੍ਰੇਕ ਲੱਗ ਗਈ ਹੈ। ਅਸ਼ਵਨੀ ਸੇਖੜੀ ਦੀ ਅੱਜ ਤਬੀਅਤ ਖਰਾਬ ਹੋ ਗਈ ਜਿਸ ਮਗਰੋਂ ਉਹ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹੋ ਗਏ। ਉਨ੍ਹਾਂ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ।

ਦੱਸ ਦਈਏ ਕਿ ਸੇਖੜੀ ਦੇ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਪਤਾ ਲੱਗਾ ਹੈ ਕਿ ਮੀਡੀਆ ਵਿੱਚ ਖਬਰਾਂ ਆਉਣ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੇਖੜੀ ਨੂੰ ਫੋਨ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਾਂਗਰਸੀ ਲੀਡਰਾਂ ਨੇ ਸੇਖੜੀ ਨੂੰ ਸਮਝਾ ਲਿਆ ਹੈ।

ਦਰਅਸਲ ਸੋਸ਼ਲ ਮੀਡੀਆ ਉੱਤੇ ਚਰਚਾ ਸੀ ਕਿ ਸੇਖੜੀ ਸੋਮਵਾਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਚਰਚਾ ਦਾ ਅਸ਼ਵਨੀ ਸੇਖੜੀ ਵੱਲੋਂ ਕੋਈ ਖੰਡਨ ਨਹੀਂ ਕੀਤਾ ਗਿਆ ਸੀ। ਇਸ ਮਗਰੋਂ ਮੰਨਿਆ ਜਾ ਰਿਹਾ ਸੀ ਕਿ ਸੇਖੜੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਹਲਕੇ ’ਚ ਵੀ ਇਹ ਚਰਚਾ ਸੀ ਕਿ 28 ਜੂਨ ਨੂੰ ਅਸ਼ਵਨੀ ਸੇਖੜੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣਗੇ।

ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਦੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਐਤਵਾਰ ਨੂੰ ਅਸ਼ਵਨੀ ਸੇਖੜੀ ਨਾਲ ਮੀਟਿੰਗ ਕਰਕੇ ਗਿਲੇ-ਸ਼ਿਕਵਿਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਤੈਅ ਕਰਵਾਉਣ ਦਾ ਭਰੋਸਾ ਦਿੰਦਿਆਂ ਪਾਰਟੀ ਨਾ ਛੱਡਣ ਦੀ ਅਪੀਲ ਕੀਤੀ ਸੀ।

ਸੇਖੜੀ 1985, 2002 ਤੇ 2012 ਵਿੱਚ ਬਟਾਲਾ ਤੋਂ ਕਾਂਗਰਸ ਦੇ ਵਿਧਾਇਕ ਰਹੇ। ਉਹ 2002 ਵਿੱਚ ਕਾਂਗਰਸ ਸਰਕਾਰ ਬਣਨ ’ਤੇ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਉਸ ਦੇ ਪਿਤਾ ਮਰਹੂਮ ਵਿਸ਼ਵਾਮਿੱਤਰ ਸੇਖੜੀ ਵੀ ਬਟਾਲਾ ਤੋਂ ਕਈ ਵਾਰ ਵਿਧਾਇਕ ਰਹੇ ਸਨ। ਅਸ਼ਵਨੀ ਸੇਖੜੀ ਦੇ ਸਕੇ ਭਰਾ ਇੰਦਰ ਸੇਖੜੀ ਵੀ 2017 ਦੀਆਂ ਚੋਣਾਂ ਤੋਂ ਬਾਅਦ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।

ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੇਖੜੀ ਨਾਲ ਗੱਲਬਾਤ ਕੀਤੀ ਤੇ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫ਼ਵਾਹਾਂ ਬੇਬੁਨਿਆਦ ਹਨ। 

NO COMMENTS