
ਚੰਡੀਗੜ੍ਹ 7 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਦੇ ਇੱਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰ ਦਿੱਤਾ ਹੈ।ਕਿਸਾਨ ਯੂਨੀਅਨਾਂ ਨੇ ਕੈਪਟਨ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਸ਼ੇਸ਼ ਸੈਸ਼ਨ ਬਲਾਉਣ ਲਈ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਸੀ।ਕੈਪਟਨ ਨੇ ਕਿਹਾ ਕਿ ਉਹ ਉਹੀ ਕਰਨਗੇ ਜੋ ਉਨ੍ਹਾਂ ਨੂੰ ਕਿਸਾਨਾਂ ਦੇ ਹਿੱਤ ਲਈ ਜ਼ਰੂਰੀ ਲੱਗਦਾ ਹੈ।
ਹਾਲਾਂਕਿ, ਕੈਪਟਨ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ ਬਿੱਲ ‘ਚ ਲੋੜੀਂਦੀਆਂ ਸੋਧਾਂ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਗੇ।ਕੈਪਟਨ ਨੇ ਕਿਹਾ ਅਲਟੀਮੇਟਮ ਸਰਕਾਰ ਨੂੰ ਜਲਦਬਾਜ਼ੀ ਵਿੱਚ ਕਦਮ ਚੁੱਕਣ ਲਈ ਮਜਬੂਰ ਕਰਨ ਦਾ ਤਰੀਕਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਹਿੱਤ ਰਾਜ ਦੇ ਕਿਸਾਨਾਂ ਅਤੇ ਖੇਤੀ ਸੈਕਟਰ ਨੂੰ ਹਰ ਕੀਮਤ ‘ਤੇ ਸੁਰੱਖਿਅਤ ਕਰਨਾ ਹੈ ਨਾ ਕੇ ਕਿਸਾਨ ਜੱਥੇਬੰਦੀਆਂ ਨੂੰ ਖੁਸ਼ ਕਰਨਾ। ਉਨ੍ਹਾਂ ਕਿਹਾ ਕਿ ਉਹ ਜੋ ਵੀ ਫੈਸਲੇ ਲੈ ਕੇ ਆਉਣਗੇ ਉਹ ਕਿਸਾਨ ਭਾਈਚਾਰੇ ਦੇ ਹਿੱਤ ਵਿੱਚ ਹੋਣਗੇ।
ਅੱਜ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਕੀਤੀ ਗਈ ਸੀ। ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ 8 ਅਕਤੂਬਰ ਨੂੰ ਗੱਲਬਾਤ ਕਰਨ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕੀਤਾ ਗਿਆ ।
ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਜਥੇਬੰਦੀਆਂ ਨੇ ਫੈਸਲਾ ਲਿਆ ਸੀ ਕਿ ਜੇਕਰ ਸੱਤ ਦਿਨਾਂ ਦੇ ਅੰਦਰ ਅੰਦਰ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਨਹੀਂ ਕੀਤਾ ਤਾਂ ਬੀਜੇਪੀ ਲੀਡਰਾਂ ਵਾਂਗ ਕਿਸਾਨ ਕਾਂਗਰਸ ਦੇ ਲੀਡਰਾਂ ਦਾ ਵੀ ਘਿਰਾਓ ਕਰਨਗੇ ਅਤੇ ਉਨ੍ਹਾਂ ਦੇ ਘਰਾਂ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ।
