
ਚੰਡੀਗੜ੍ਹ 3 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਰਾਜ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਦਸਤਖਤ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਰਾਜਨੀਤਿਕ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਜਿਸ ਨੂੰ ਅਕਾਲੀ ਦਲ ਪੰਜਾਬ ਪ੍ਰਤੀ ਆਪਣੇ ਫਰਜ਼ ਦੀ ਬਜਾਏ ਵੱਡੀ ਕੁਰਬਾਨੀ ਦੱਸ ਰਿਹਾ ਹੈ ਉਹ ਸਿਰਫ ਇੱਕ ਡਰਾਮਾ ਹੈ।
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਨੂੰ ਪੂਰੀ ਤਰ੍ਹਾਂ ਅਸਫਲ ਕਰਾਰ ਦਿੰਦੇ ਹੋਏ ਕੈਪਟਨ ਅਮਰਿੰਦਰ ਨੇ ਇਸ ਨੂੰ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਾਰ ਦਿੱਤਾ। ਕੈਪਟਨ ਨੇ ਕਿਹਾ ਕਿ, “ਉਹ ਕਿਥੇ ਸੀ ਜਦੋਂ ਰਾਜ ਸਰਕਾਰ ਨੇ 28 ਅਗਸਤ ਨੂੰ ਵਿਧਾਨ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲੈਣ ਅਤੇ ਕੇਂਦਰ ਨੂੰ ਐਮਐਸਪੀ ਨੂੰ ਕਾਨੂੰਨੀ ਹੱਕ ਬਣਾਉਣ ਦੀ ਮੰਗ ਕਰਦਿਆਂ ਮਤਾ ਪਾਸ ਕੀਤਾ ਸੀ।”
ਮੁੱਖ ਮੰਤਰੀ ਨੇ ਕਿਹਾ, “ਇਹ ਭਾਜਪਾ ਜਾਂ ਕਾਂਗਰਸ ਬਾਰੇ ਰਾਜਨੀਤਿਕ ਲੜਾਈ ਨਹੀਂ ਹੈ, ਬਲਕਿ ਸਾਡੀ ਕਿਸਾਨੀ ਬਾਰੇ, ਪੰਜਾਬ ਬਾਰੇ, ਸਾਡੀ ਵਜੂਦ (ਹੋਂਦ) ਬਾਰੇ ਲੜਾਈ ਹੈ।
ਮੁੱਖ ਮੰਤਰੀ ਪੰਜਾਬ ਸਿਵਲ ਸਕੱਤਰੇਤ ਤੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਤਿੰਨ ਪ੍ਰਾਜੈਕਟਾਂ ਦੇ ਵਰਚੁਅਲ ਉਦਘਾਟਨ ਮੌਕੇ ਸੂਬੇ ਦੇ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸੀ।
