ਚੰਡੀਗੜ੍ਹ, 28 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਸਮਾਰਟ ਫੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ ਜਿਨ੍ਹਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ।
ਸਰਕਾਰ ਵਿੱਚ ਹੇਠਲੇ ਪੱਧਰ ‘ਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਵੱਲ ਧਿਆਨ ਦਿਵਾਏ ਜਾਣ ਉੱਤੇ ਮੁੱਖ ਮੰਤਰੀ ਨੇ ਇਨ੍ਹਾਂ ਦੀ ਤੁਰੰਤ ਪੜਤਾਲ ਅਤੇ ਵਿਜੀਲੈਂਸ ਬਿਊਰੋ ਦੁਆਰਾ ਤੁਰੰਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਨੇ ਯੂਥ ਆਗੂਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜਿਵੇਂ ਹੀ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਤਾਂ ਪਹਿਲੇ ਪੜਾਅ ਦੌਰਾਨ ਸਰਕਾਰੀ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ਕਰਵਾਈਆਂ ਜਾਣਗੀਆਂ ਜਦੋਂਕਿ ਪ੍ਰਾਈਵੇਟ ਸੰਸਥਾਨਾਂ ਵਿੱਚ ਇਹ ਚੋਣਾਂ ਬਾਅਦ ਵਿੱਚ ਹੋਣਗੀਆਂ।
ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸਰਕਾਰ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਛੇਤੀ ਹੀ ਕਈ ਸਕੀਮਾਂ ਸ਼ੁਰੂ ਕਰ ਰਹੀ ਹੈ।
ਉਨ੍ਹਾਂ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਲਈ ਜੀਅ ਜਾਨ ਨਾਲ ਜੁਟ ਕੇ ਕੰਮ ਕਰਨ ਲਈ ਵੀ ਕਿਹਾ।
—————-