*ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ*

0
12

ਐੱਸ.ਏ.ਐੱਸ. ਨਗਰ/ਚੰਡੀਗੜ੍, 14 ਮਾਰਚ  (ਸਾਰਾ ਯਹਾਂ/  ਮੁੱਖ ਸੰਪਾਦਕ): ਪੰਜਾਬ ਦੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਪਿੰਡ ਮਛਲੀਕਲਾਂ ਅਤੇ ਨਿਹੋਲਕਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ/ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।

ਕੈਬਨਿਟ ਮੰਤਰੀ ਨੇ ਪਿੰਡ ਮੱਛਲੀਕਲਾਂ ਦੇ ਲੋਕਾਂ ਨੂੰ ਪਿੰਡ ਦੇ ਛੱਪੜ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਲੋੜ ਅਨੁਸਾਰ ਬੱਸਾਂ ਦੇ ਰੂਟ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਮੇਂ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਲੇਬਰ ਕਾਰਡ ਨਾਲ ਸਬੰਧਤ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਲੇਬਰ ਕਾਰਡ ਦੀ ਮਦਦ ਨਾਲ ਲੋਕਾਂ ਨੂੰ ਇਲਾਜ ਲਈ ਆਰਥਿਕ ਮਦਦ, ਸ਼ਗਨ ਸਕੀਮ ਦੀਆਂ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਵਜ਼ੀਫੇ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਜਾਬ ਕਾਰਡ ਬਣਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਹ ਮਨਰੇਗਾ ਨਾਲ ਸਬੰਧਤ ਸਕੀਮਾਂ ਦਾ ਲਾਭ ਲੈ ਸਕਣ।

ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਾਰੰਟੀ ਤੋਂ ਵੱਧ ਕੰਮ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੀ ਤਰੱਕੀ ਲਈ ਹਰੇਕ ਜ਼ਿੰਮੇਵਾਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਨ੍ਹਾਂ ਕੈਂਪਾਂ ਦੌਰਾਨ ਮੁਫ਼ਤ ਮੈਡੀਕਲ ਸਹੂਲਤਾਂ, ਰੁਜ਼ਗਾਰ ਲਈ ਰਜਿਸਟ੍ਰੇਸ਼ਨ ਦੀ ਸਹੂਲਤ, ਜੌਬ ਕਾਰਡ ਅਤੇ ਆਧਾਰ ਕਾਰਡ ਆਦਿ ਮੁਹੱਈਆ ਕਰਵਾਏ ਗਏ। ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here