
ਚੰਡੀਗੜ੍ਹ, 22 ਫਰਵਰੀ(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ‘ਤੇ ਹੱਤਿਆ ਕੀਤੇ ਜਾਣ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ ‘ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“
ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, “ਕਿਸਾਨਾਂ ਦੀਆਂ ਮੰਗਾਂ ਖੇਤਰੀ ਨਹੀਂ ਹਨ, ਪਰ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਨੂੰ ਦਰਸ਼ਾਉਂਦੀਆਂ ਹਨ।
ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੌਰਾਨ ਸ਼ੰਭੂ ਅਤੇ ਖਿਨੌਰੀ ਸਰਹੱਦ ‘ਤੇ ਵਾਪਰੀਆਂ ਘਟਨਾਵਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ।
ਕੈਬਨਿਟ ਮੰਤਰੀ ਸ. ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਇਆ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਹਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
